ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਡਰੱਗ ਹੇਟਸਪਟ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ
ਐੱਸ.ਐੱਸ.ਪੀ. ਅਦਿੱਤਿਆ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ-ਏ.ਡੀ.ਸੀ ਢਿੱਲੋਂ
ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਗੁਰਦਾਸਪੁਰ ਦੇ ਇਸਲਾਮਾਬਾਦ ਮੁਹੱਲੇ ਦੇ ਸ਼ਮਸ਼ਾਨਘਾਟ ਅਤੇ ਪਿੰਡ ਬੱਬੇਹਾਲੀ ਸਮੇਤ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਦਾ ਸਾਂਝਾ ਦੌਰਾ ਕੀਤਾ ਗਿਆ। ਇਸ ਮੌਕੇ ਐੱਸ.ਪੀ. ਹੈੱਡਕੁਆਰਟਰ ਮਨਿੰਦਰ ਪਾਲ ਸਿੰਘ ਅਤੇ ਡੀ.ਐੱਸ.ਪੀ. ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ।
ਦੌਰੇ ਦੌਰਾਨ ਐੱਸ.ਐੱਸ.ਪੀ. ਅਦਿੱਤਿਆ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਪੁਲਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।
ਐੱਸ.ਐੱਸ.ਪੀ. ਅਦਿੱਤਿਆ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਵਿੱਚ ਸਥਿਤੀ ਨੂੰ ਬਿਹਤਰ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਇਲਾਕਿਆਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਸਟਰੀਟ ਲਾਈਟਾਂ ਲਗਾਉਣ, ਪਾਰਕਾਂ ਅਤੇ ਓਪਨ ਜਿਮ ਦੀ ਸਹੂਲਤ ਵਿਕਸਿਤ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਵਰਗੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਇਸ ਦਾ ਮਕਸਦ ਇਲਾਕਿਆਂ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।
ਇਸ ਮੌਕੇ ਵਧੀਕ ਡਿਪਟ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ। ਏ.ਡੀ.ਸੀ. ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਵਾਤਾਵਰਣ ਦੀ ਸੰਭਾਲ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰ ਵਰਗ ਦੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ।
ਉਨ੍ਹਾਂ ਪਿੰਡ ਬੱਬੇਹਾਲੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ। ਕਿਸਾਨ ਇਨ੍ਹਾਂ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ, ਤਾਂ ਜੋ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਾਂਝੇ ਉਪਰਾਲਿਆਂ ਦਾ ਮੁੱਖ ਉਦੇਸ਼ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ, ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਮਜ਼ਬੂਤ ਕਰਨਾ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।

