ਪੰਜਾਬ ਨਿਰਮਾਣ ਸਕੀਮ ਤਹਿਤ ਪ੍ਰਤੀ ਪਰਿਵਾਰ 35 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ’ਤੇ ਅਜਿਹੀਆਂ ਸਹੂਲਤਾਂ ਬੰਦ ਕਰਨ ਦੇ ਬਿਆਨ ’ਤੇ ਰਮਨ ਬਹਿਲ ਨੇ ਚੁੱਕੇ ਸਵਾਲ
ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਪਹਿਲ: ਰਮਨ ਬਹਿਲ
ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)–ਹਲਕਾ ਇੰਚਾਰਜ ਰਮਨ ਬਹਿਲ ਵਲੋਂ ਲੋੜਵੰਦ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ।ਅੱਜ ਉਨ੍ਹਾਂ ਵਲੋਂ ਗੁਰਦਾਸਪੁਰ ਹਲਕੇ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 60.90 ਲੱਖ ਰੁਪਏ ਦੇ ਚੈੱਕ ਵੰਡੇ ਗਏ।
ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪੰਜਾਬ ਨਿਰਮਾਣ ਸਕੀਮ ਤਹਿਤ ਮਕਾਨਾਂ ਦੀ ਮੁਰੰਮਤ ਲਈ ਵਿੱਤੀ ਸਹਾਇਤਾ ਦੇ ਚੈੱਕ ਹਲਕਾ ਗੁਰਦਾਸਪੁਰ ਦੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਵੰਡੇ ਗਏ। ਇਸ ਸਕੀਮ ਤਹਿਤ ਹਲਕੇ ਦੇ ਲਗਭਗ 38 ਪਿੰਡਾਂ ਦੇ 174 ਲਾਭਪਾਤਰੀ ਪਰਿਵਾਰਾਂ ਨੂੰ ਕੁੱਲ 60 ਲੱਖ 90 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਹਰੇਕ ਲਾਭਪਾਤਰੀ ਨੂੰ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੋੜਵੰਦ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦੇਣਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਕਾਂਗਰਸ ਦੇ ਬਿਆਨ ’ਤੇ ਚੁੱਕੇ ਸਵਾਲ :
ਰਮਨ ਬਹਿਲ ਨੇ ਕਾਂਗਰਸ ਪਾਰਟੀ ਦੇ ਆਗੂ ਦੇ ਉਸ ਬਿਆਨ ’ਤੇ ਵੀ ਸਵਾਲ ਚੁੱਕੇ, ਜਿਸ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ’ਤੇ ਅਜਿਹੀਆਂ ਸਹੂਲਤਾਂ ਬੰਦ ਕਰਨ ਦੀ ਗੱਲ ਆਖੀ ਗਈ ਸੀ। ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਕੋਈ ਸਿਆਸੀ ਲਾਭ ਨਹੀਂ, ਸਗੋਂ ਉਨ੍ਹਾਂ ਦਾ ਹੱਕ ਹੈ। ਅਜਿਹੀਆਂ ਸਹੂਲਤਾਂ ਬੰਦ ਕਰਨ ਦੀ ਗੱਲ ਕਰਨਾ ਗਰੀਬ ਅਤੇ ਲੋੜਵੰਦ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਲੋਕਾਂ ਨੂੰ ਰਾਹਤ ਦੇਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੋਣੀ ਚਾਹੀਦੀ ਹੈ।
ਰਮਨ ਬਹਿਲ ਨੇ ਕਿਹਾ ਕਿ ਆਉਣ ਵਾਲੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿੱਤੀ ਸਹਾਇਤਾ ਲੋੜਵੰਦ ਪਰਿਵਾਰਾਂ ਲਈ ਕਾਫ਼ੀ ਮਦਦਗਾਰ ਸਾਬਤ ਹੋਵੇਗੀ। ਇਸ ਰਾਸ਼ੀ ਨਾਲ ਪਰਿਵਾਰ ਆਪਣੇ ਕੱਚੇ ਅਤੇ ਖਸਤਾ ਹਾਲਤ ਮਕਾਨਾਂ ਦੀ ਮੁਰੰਮਤ ਕਰਵਾ ਸਕਣਗੇ ਅਤੇ ਛੱਤਾਂ ਤੋਂ ਪਾਣੀ ਚੋਣ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪ੍ਰਾਪਤ ਕਰ ਸਕਣਗੇ।
ਉਨ੍ਹਾਂ ਪਿੰਡ ਭੁੱਲੇਚੱਕ ਦੀ ਬਜ਼ੁਰਗ ਮਾਤਾ ਵੀਰੋ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਮਕਾਨ ਲੰਮੇ ਸਮੇਂ ਤੋਂ ਕੱਚੀ ਹਾਲਤ ਵਿੱਚ ਸੀ। ਹੁਣ ਉਨ੍ਹਾਂ ਨੂੰ ਵੀ ਮਕਾਨ ਦੀ ਮੁਰੰਮਤ ਲਈ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ ਹੈ, ਜਿਸ ਨਾਲ ਉਹ ਆਪਣੇ ਘਰ ਦੀ ਲੋੜੀਂਦੀ ਮੁਰੰਮਤ ਕਰਵਾ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਭਾਰੀ ਬਰਸਾਤਾਂ ਅਤੇ ਹੜ੍ਹਾਂ ਕਾਰਨ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਨੁਕਸਾਨੇ ਗਏ ਹਨ, ਉਨ੍ਹਾਂ ਲਈ ਵੀ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਮੁਆਵਜ਼ਾ ਅਤੇ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਸਹਾਇਤਾ ਦੇਣਾ ਜ਼ਰੂਰੀ ਹੈ।
ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਪਹਿਲ :
ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੜਕਾਂ ਦੇ ਨਿਰਮਾਣ, ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਫ਼ਾਈ, ਗਲੀਆਂ-ਨਾਲੀਆਂ ਦੇ ਨਵੀਨੀਕਰਨ ਅਤੇ ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਉਨ੍ਹਾਂ ਦੀ ਪਹਿਲ ਹੈ।
ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਨਿਰਮਾਣ ਸਕੀਮ ਤਹਿਤ ਮਿਲੀ ਇਹ ਵਿੱਤੀ ਸਹਾਇਤਾ ਲੋੜਵੰਦ ਪਰਿਵਾਰਾਂ ਦੇ ਮਕਾਨਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਬਿਹਤਰ ਜੀਵਨ ਜਿਊਣ ਵਿੱਚ ਸਹਾਇਕ ਸਾਬਤ ਹੋਵੇਗੀ।
ਇਸ ਮੌਕੇ ਬੀ.ਡੀ.ਪੀ.ਓ. ਗੁਰਦਾਸਪੁਰ ਦਿਲਬਾਗ ਸਿੰਘ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ ਲਖਵਿੰਦਰ ਸਿੰਘ ਬੱਬਰੀ ਨੰਗਲ, ਵਾਈਸ ਚੇਅਰਮੈਨ ਅਸ਼ਵਨੀ ਕੁਮਾਰ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਸੈਕਟਰੀ ਜਗਜੀਤ ਸਿੰਘ ਪਿੰਟਾ, ਬਲਾਕ ਸੰਮਤੀ ਮੈਂਬਰ ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਗਟ ਸਿੰਘ, ਐੱਮ.ਸੀ. ਵਾਰਡ ਨੰਬਰ 9 ਯੋਗੇਸ਼ ਸ਼ਰਮਾ, ਪਿੰਡ ਬੱਬਰੀ ਦੇ ਸਰਪੰਚ ਟਿੰਕੂ ਸ਼ੇਰਗਿੱਲ, ਹਨੀ ਬਹਿਲ, ਕਬੀਰ ਬਹਿਲ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

