ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ 27 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਪੁਨੀਤ ਸਾਗਰ ਨੇ ਸਾਂਝੇ ਬਿਆਨ ਰਾਹੀਂ ਦਿੱਤੀ।
ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਸਮੇਤ ਕੌਮੀ ਪੱਧਰ ’ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਇਸ ਦੇ ਬਾਵਜੂਦ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਇਸੇ ਦੇ ਵਿਰੋਧ ਵਿੱਚ 27 ਅਕਤੂਬਰ ਨੂੰ ਜਲੰਧਰ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।

