ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਮੁਕੇਸ਼ ਵਰਮਾ

ਗੁਰਦਾਸਪੁਰ

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਸੀਈਓ ਨਿਊ ਮੀਡੀਆ ਨੂੰ ਮਾਂ ਬੋਲੀ ਪੰਜਾਬੀ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਦੀ ਪ੍ਰਤੀਕ ਦੁਸ਼ਾਲਾ ਭੇਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸਰਦੂਲ ਸਿੰਘ ਚੌਹਾਨ, ਅਰਜਨ ਸਿੰਘ ਅਤੇ ਪੁਸ਼ਕਰ ਸਿੰਘ ਵੀ ਮੌਜੂਦ ਸਨ।

ਇਹ ਸਨਮਾਨ ਸੀਈਓ ਨਿਊ ਮੀਡੀਆ ਵੱਲੋਂ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਤਸਵੀਰ ਲੋਕਾਂ ਸਾਹਮਣੇ ਪੇਸ਼ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਸਨਮਾਨ ਵਜੋਂ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।

ਮੁਕੇਸ਼ ਵਰਮਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਚੰਗੀ ਸਿਹਤ, ਸਕਾਰਾਤਮਕ ਸੋਚ ਅਤੇ ਉਸਾਰੂ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਾਲੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਅਨੁਸਾਰ, “ਸਾਡਾ ਉਦੇਸ਼ ਸਿਰਫ਼ ਨਸ਼ਿਆਂ ਤੋਂ ਮੁਕਤ ਪੰਜਾਬ ਬਣਾਉਣਾ ਹੀ ਨਹੀਂ, ਸਗੋਂ ਅਜਿਹਾ ਪੰਜਾਬ ਸਿਰਜਣਾ ਵੀ ਹੈ, ਜਿੱਥੇ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਆਪਣੇ ਹੁਨਰ ਨੂੰ ਨਿਖਾਰਨ ਦੇ ਬਿਹਤਰ ਮੌਕੇ ਮਿਲਣ।”

ਸ੍ਰੀਮਤੀ ਪਾਰੁਲ ਮਹਾਜਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਾਲੇ ਸੰਦੇਸ਼ ਪ੍ਰਸਾਰਿਤ ਕਰਨਾ ਇੱਕ ਮਹੱਤਵਪੂਰਨ ਸਮਾਜਿਕ ਸੇਵਾ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਅਜਿਹੇ ਉਪਰਾਲੇ ਨੌਜਵਾਨਾਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਸਮਾਜ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਵਿੱਚ ਵੀ ਸਹਾਈ ਹੋਣਗੇ।

ਮਕੇਸ਼ ਵਰਮਾ, ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਸੂਬਾ ਪ੍ਰਧਾਨ, ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ, ਨੇ ਕਿਹਾ ਕਿ ਪੰਜਾਬੀਅਤ ਦੀ ਅਸਲ ਪਹਿਚਾਣ ਸਾਡੀ ਮਾਂ ਬੋਲੀ, ਸੱਭਿਆਚਾਰ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਵਿੱਚ ਆਪਣੀ ਵਿਰਾਸਤ ਪ੍ਰਤੀ ਮਾਣ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਨੁਸਾਰ, “ਆਓ, ਅਸੀਂ ਸਾਰੇ ਮਿਲ ਕੇ ਅਜਿਹਾ ਪੰਜਾਬ ਬਣਾਉਣ ਦਾ ਸੰਕਲਪ ਲਈਏ, ਜਿੱਥੇ ਨਸ਼ਿਆਂ ਦੀ ਥਾਂ ਸਿੱਖਿਆ, ਬਿਮਾਰੀ ਦੀ ਥਾਂ ਸਿਹਤ ਅਤੇ ਨਿਰਾਸ਼ਾ ਦੀ ਥਾਂ ਉਮੀਦ ਤੇ ਤਰੱਕੀ ਦਾ ਬੋਲਬਾਲਾ ਹੋਵੇ।”

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਾਂਝੀ ਭਾਗੀਦਾਰੀ ਅਤੇ ਲਗਾਤਾਰ ਜਾਗਰੂਕਤਾ ਰਾਹੀਂ ਹੀ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *