ਪਰਾਲੀ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐੱਸ.ਐੱਸ.ਪੀ ਵੱਲੋਂ ਪਿੰਡਾ ਦਾ ਦੌਰਾ

ਗੁਰਦਾਸਪੁਰ

ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ, ਰਸਤੇ ‘ਚ ਫਾਇਰ ਬਿਰਗੇਡ ਦੀ ਮਦਦ ਨਾਲ ਮੌਕੇ ’ਤੇ ਬੁਝਾਈ ਅੱਗ

ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਜਾਂ ਹੈਲਪ ਲਾਈਨ ਨੰਬਰ 98781-66525 ‘ਤੇ ਸੰਪਰਕ ਕਰ ਸਕਦੇ ਹਨ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਜਾ ਰਹੀ ਹੈ।

ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ, ਡੇਰਾ ਬਾਬਾ ਨਾਨਕ ਕਲਾਨੌਰ, ਬਟਾਲਾ ਦੇ ਵੱਖ ਵੱਖ ਪਿੰਡਾਂ ਮੀਆਂਕੋਟ ਸਾਹਿਬ, ਰੁਡਿਆਣਾ ਅਤੇ ਕਲਾਨੌਰ ਨੇੜਲੇ ਪਿੰਡਾਂ, ਤਾਰਾਗੜ੍ਹ, ਰਾਏਚੱਕ, ਲੁੁਕਮਾਨੀਆ, ਦੋਲੇਵਾਲ, ਅਰਲੀਭੰਨ ਅਤੇ ਨਿੱਜਰ ਦਾ ਦੌਰਾ ਕੀਤਾ ਗਿਆ ਅਤੇ ਰਸਤੇ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ ਦੀ ਮਦਦ ਨਾਲ ਬੁਝਵਾਇਆ ਗਿਆ। ਇਸ ਮੌਕੇ ਐੱਸ ਪੀ ਨਵਜੋਤ ਸਿੰਘ ਸੰਧੂ ਅਤੇ ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਪਣਾਈ ਜਾਵੇ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਵਿੱਚ ਸਹਿਯੋਗ ਦਿੱਤਾ ਜਾਵੇ।

ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਨੇ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਇਕ ਵਧੀਆ ਅਤੇ ਪ੍ਰਭਾਵਸ਼ਾਲੀ ਸੰਦ ਹੈ। ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਵਾਤਾਵਰਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਦੀ ਵੀ ਸੰਭਾਲ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 98781-66525 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *