ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗ੍ਰੀਨ ਦੀਵਾਲੀ ਅਤੇ ਨਸ਼ਾ-ਮੁਕਤ ਪੰਜਾਬ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ; ਦਸ ਸਾਲਾਂ ਬਾਅਦ ਕਾਲਜ ਦੀ ਸਟੇਜ ‘ਤੇ ਮੁੜ ਗੂੰਜਿਆ ਗਿੱਧਾ
ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਗ੍ਰੀਨ ਦੀਵਾਲੀ, ਨਸ਼ਾ-ਮੁਕਤ ਪੰਜਾਬ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਨੂੰ ਸਮਰਪਿਤ ਇੱਕ ਵਿਸ਼ੇਸ਼ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਜੋ ਸਮਰਪਣ ਸੋਸਾਇਟੀ ਦੇ ਜ਼ਿਲ੍ਹਾ ਚੇਅਰਮੈਨ ਵੀ ਹਨ, ਦੀ ਦੇਖ-ਰੇਖ ਅਤੇ ਮਾਰਗਦਰਸ਼ਨ ਹੇਠ ਸਮਰਪਣ ਸੋਸਾਇਟੀ ਦੇ ਸਕੱਤਰ ਪਰਮਿੰਦਰ ਸੈਣੀ ਦੇ ਯਤਨਾਂ ਨਾਲ ਕਰਵਾਇਆ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਸਟਿਸ ਹਰਪ੍ਰੀਤ ਸਿੰਘ ਸ਼ਾਮਲ ਹੋਏ, ਜਦਕਿ ਸਹਾਇਕ ਕਮਿਸ਼ਨਰ ਜਨਰਲ ਕੁਲਦੀਪ ਚੰਦ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਡਾ. ਸਵਿਤਾ ਗੁਪਤਾ, ਸਰਕਾਰੀ ਕਾਲਜ ਤਲਵਾੜਾ ਦੇ ਪ੍ਰਿੰਸੀਪਲ ਡਾ. ਰਾਜੀਵ ਖੋਸਲਾ ਅਤੇ ਸਰਕਾਰੀ ਕਾਲਜ ਸ਼ਾਹਬਾਜ਼ਪੁਰ ਤੇ ਸਰਕਾਰੀ ਕਾਲਜ ਅਜਨਾਲਾ ਦੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਵਧਾਈ।
ਸਮਾਗਮ ਦਾ ਮੁੱਖ ਆਕਰਸ਼ਣ ਕਾਲਜ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਵਿਸ਼ੇਸ਼ ਨਾਟਕ ‘ਕਾਠੀਆਵਾੜ ਕਾ ਚਾਂਦ’ ਰਿਹਾ। ਇਸ ਨਾਟਕ ਰਾਹੀਂ ਔਰਤਾਂ ਦੇ ਜਿਨਸੀ ਸ਼ੋਸ਼ਣ ਵਰਗੀ ਗੰਭੀਰ ਸਮਾਜਿਕ ਸਮੱਸਿਆ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਸੰਦੇਸ਼ ਦਿੱਤਾ ਕਿ ਜੇਕਰ ਔਰਤਾਂ ਇੱਕਜੁੱਟ ਹੋ ਕੇ ਆਪਣੇ ਹੱਕਾਂ, ਸਵੈ-ਮਾਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੀਆਂ ਹੁੰਦੀਆਂ ਹਨ ਤਾਂ ਉਹ ਵੱਡੀ ਤੋਂ ਵੱਡੀ ਸਮਾਜਿਕ ਬੁਰਾਈ ਦਾ ਮੁਕਾਬਲਾ ਕਰ ਸਕਦੀਆਂ ਹਨ।
ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਬਹੁ-ਆਯਾਮੀ ਕੋਰੀਓਗ੍ਰਾਫੀ ਨੇ ਅਜੋਕੇ ਨੌਜਵਾਨਾਂ ਨੂੰ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਅੰਨ੍ਹੀ ਦੌੜ ਵਿੱਚ ਆਪਣੀਆਂ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਦੂਰ ਹੋਣ ਬਾਰੇ ਆਤਮ-ਚਿੰਤਨ ਕਰਨ ਦਾ ਸੰਦੇਸ਼ ਦਿੱਤਾ।
ਸਮਾਗਮ ਦਾ ਇੱਕ ਇਤਿਹਾਸਕ ਅਤੇ ਭਾਵਨਾਤਮਕ ਪਲ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਕਾਲਜ ਦੀਆਂ ਵਿਦਿਆਰਥਣਾਂ ਨੇ ਲਗਭਗ ਦਸ ਸਾਲਾਂ ਦੇ ਲੰਮੇ ਅਰਸੇ ਬਾਅਦ ਮੁੜ ਕਾਲਜ ਦੀ ਸਟੇਜ ‘ਤੇ ਗਿੱਧਾ ਪੇਸ਼ ਕਰਕੇ ਸਮੁੱਚੇ ਕਾਲਜ ਦੇ ਵਿਹੜੇ ਨੂੰ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਨਿਹਾਲ ਕਰ ਦਿੱਤਾ।
ਇਸ ਮੌਕੇ ਕਾਲਜ ਦੀ ਭੰਗੜਾ ਟੀਮ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਜੇਤੂ ਟੀਮ ਹੈ, ਨੇ ਵੀ ਆਪਣੀ ਸ਼ਾਨਦਾਰ ਪੇਸ਼ਕਾਰੀ ਅਤੇ ਸੁਥਰੀਆਂ ਬੋਲੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੀ ਵਿਸ਼ੇਸ਼ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਰਹੀ। ਉਨ੍ਹਾਂ ਨੇ ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸ ਸਮਾਗਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਂਦਿਆਂ ਨੌਜਵਾਨਾਂ ਨੂੰ ਚੰਗੇ ਰਾਹ ‘ਤੇ ਚੱਲਣ, ਆਪਣੀ ਸਿਰਜਣਾਤਮਕਤਾ ਅਤੇ ਨਵੀਨਤਾਕਾਰੀ ਸੋਚ ਰਾਹੀਂ ਨਵੇਂ ਮੌਕੇ ਤਲਾਸ਼ਣ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਦੇ ਸਤਿਕਾਰਯੋਗ ਪਿਤਾ ਕੈਪਟਨ ਜੋਗਿੰਦਰ ਸਿੰਘ ਜੀ ਅਤੇ ਕੁੰਵਰ ਵਿੱਕੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਸਿਰਜਣਾਤਮਕਤਾ ਦੀ ਭਰਪੂਰ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਖੰਭ ਨਾ ਕੱਟਣ, ਸਗੋਂ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ਨਵੀਂ ਪਰਵਾਜ਼ ਦੇਣ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਲੰਕ ਮਿਟਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਮਾਪੇ ਅਤੇ ਅਧਿਆਪਕ ਇਕਜੁੱਟ ਹੋ ਕੇ ਨੌਜਵਾਨਾਂ ਨੂੰ ਪਿਆਰ, ਮਾਰਗਦਰਸ਼ਨ ਅਤੇ ਉਸਾਰੂ ਮੌਕੇ ਪ੍ਰਦਾਨ ਕਰਨ ਤਾਂ ਕੋਈ ਕਾਰਨ ਨਹੀਂ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਰਾਹ ਵੱਲ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਕਲਾ, ਖੇਡਾਂ, ਸਿੱਖਿਆ, ਨਵੀਨਤਾ ਅਤੇ ਸਮਾਜ ਸੇਵਾ ਵੱਲ ਮੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਪ੍ਰਿੰਸੀਪਲ ਨੇ ਜਲੰਧਰ ਦੂਰਦਰਸ਼ਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਸ ਦੀ ਟੀਮ ਵੱਲੋਂ ਸਮੇਂ-ਸਮੇਂ ‘ਤੇ ਕਾਲਜ ਵਿੱਚ ਆ ਕੇ ਵਿਦਿਆਰਥੀਆਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਨੂੰ ਮੰਚ ਅਤੇ ਪ੍ਰਸਾਰਣ ਰਾਹੀਂ ਹੌਸਲਾ-ਅਫ਼ਜ਼ਾਈ ਦਿੱਤੀ ਜਾਂਦੀ ਰਹੀ ਹੈ। ਸਮਾਗਮ ਦਾ ਮੰਚ ਸੰਚਾਲਨ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਅਧਿਆਪਕਾ ਡਾ. ਸੰਦੀਪ ਕੌਰ ਨੇ ਕੀਤਾ।

