ਮੁਲਾਜ਼ਮ ਭਲਾਈ ਕਮੇਟੀ ਦੀ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਸਾਰਥਕ ਨਤੀਜੇ ਨਿਕਲਣ ਦੀ ਆਸ। – ਡਾ ਸੁਨੀਲ ਤਰਗੋਤਰਾ
ਮੰਗਾਂ ਦਾ ਠੋਸ ਹੱਲ ਨਾ ਨਿਕਲਣ ਦੀ ਸੂਰਤ ਵਿੱਚ ਸਿਹਤ ਮੰਤਰੀ ਦੀ ਰਿਹਾਇਸ਼ ਮੂਹਰੇ ਲਗਾਇਆ ਜਾਵੇਗਾ ਪੱਕਾ ਧਰਨਾ
ਗੁਰਦਾਸਪੁਰ , 12 ਨਵੰਬਰ (ਸਰਬਜੀਤ ਸਿੰਘ)– ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲੇ ਰਵੱਈਏ ਦੇ ਵਿਰੋਧ ਵਿੱਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ, ਪਰੰਤੂ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ।
ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਵੱਖ-ਵੱਖ ਪੱਧਰਾਂ ‘ਤੇ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਹਰ ਵਾਰ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਅਤੇ ਇਸ ਰਾਹੀਂ ਮੰਗਾਂ ‘ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਪਰੰਤੂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਦਿਸ਼ਾ ਵਿੱਚ ਕੋਈ ਠੋਸ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਕ ਅਤੇ ਸਥਾਈ ਹੱਲ ਕੱਢਿਆ ਜਾਵੇਗਾ। ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਇਸ ਵਾਰ ਸਿਰਫ਼ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਮੁਲਾਜ਼ਮਾਂ ਦੇ ਹਿੱਤ ਵਿੱਚ ਠੋਸ ਫੈਸਲੇ ਲਵੇਗੀ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਮਾਂਬੱਧ ਕਾਰਵਾਈ ਕਰੇਗੀ।
ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸੂਰਤ ਵਿੱਚ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਉਹਨਾਂ ਨਾਲ ਸੂਰਜ ਪ੍ਰਕਾਸ਼,ਵਿਕਾਸ ਜੋਏਲ,ਅਸ਼ਵਨੀ ਸ਼ਰਮਾ,ਡਾ ਵਿਕਰਮ,ਅਮਨਦੀਪ ਸਿੰਘ,ਨਵਜੋਤ ਕੌਰ,ਗੁਰਪ੍ਰੀਤ ਸਿੰਘ,ਡਾ ਗਗਨ,ਡਾ ਰਮਨ,ਵਰਿੰਦਰ ਕੌਰ,ਡਾ ਆਰਤੀ ਆਦਿ ਹਾਜ਼ਰ ਸਨ ।

