ਗੁਰਦਾਸਪੁਰ ਵਾਸੀਆਂ ਨੂੰ ਮਿਲਿਆ 1 ਕਰੋੜ ਰੁਪਏ ਦਾ ਵੱਡਾ ਤੋਹਫ਼ਾ, ਆਧੁਨਿਕ ਸੁਪਰ ਸੱਕਰ ਕਮ ਜੈਟਿੰਗ ਮਸ਼ੀਨ ਸ਼ਹਿਰ ਵਾਸੀਆਂ ਨੂੰ ਕੀਤੀ ਸਮਰਪਿਤ

ਗੁਰਦਾਸਪੁਰ

ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਇਤਿਹਾਸਕ ਉਪਰਾਲਾ: ਰਮਨ ਬਹਿਲ

ਸ਼ਿਕਾਇਤ ਮਿਲਣ ਤੋਂ 15 ਮਿੰਟਾਂ ਦੇ ਅੰਦਰ ਮੌਕੇ ’ਤੇ ਪਹੁੰਚੇਗੀ ਮਸ਼ੀਨ, ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਰਾਜੀਵ ਸ਼ਰਮਾ

9 ਹਜ਼ਾਰ ਲੀਟਰ ਪਾਣੀ ਦੀ ਸਮਰੱਥਾ ਵਾਲੀ ਅਤਿ-ਆਧੁਨਿਕ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਹੋਵੇਗੀ ਆਸਾਨ, ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਮਿਲੇਗੀ ਨਿਜਾਤ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਜਾਮ, ਗੰਦਗੀ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਅਹਿਮ ਅਤੇ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਦੀ ਮੌਜੂਦਗੀ ਵਿੱਚ 1 ਕਰੋੜ ਰੁਪਏ ਦੀ ਲਾਗਤ ਵਾਲੀ ਆਧੁਨਿਕ ‘ਸੁਪਰ ਸੱਕਰ ਕਮ ਜੈਟਿੰਗ ਮਸ਼ੀਨ’ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਸ਼ਹਿਰ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਕਾਫ਼ੀ ਸਮੇਂ ਤੋਂ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਸੀ। ਸੀਵਰੇਜ ਬੰਦ ਹੋਣ ਕਾਰਨ ਕਈ ਵਾਰ ਗਲੀਆਂ ਅਤੇ ਸੜਕਾਂ ’ਤੇ ਗੰਦਾ ਪਾਣੀ ਖੜ੍ਹਾ ਹੋ ਜਾਂਦਾ ਸੀ ਅਤੇ ਲੋਕਾਂ ਨੂੰ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੇ ਦਫ਼ਤਰਾਂ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਵਾਰ-ਵਾਰ ਜਾਣਾ ਪੈਂਦਾ ਸੀ। ਉਹਨਾਂ ਕੋਲ ਲੋੜੀਂਦੀ ਮਸ਼ੀਨਰੀ ਦੀ ਘਾਟ ਕਾਰਨ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਵੀ ਨਹੀਂ ਹੋ ਸਕਦਾ ਸੀ। ਹੁਣ ਇਸ ਆਧੁਨਿਕ ਮਸ਼ੀਨ ਦੀ ਉਪਲਬਧਤਾ ਨਾਲ ਸੀਵਰੇਜ ਦੀ ਸਫ਼ਾਈ ਅਤੇ ਜਾਮ ਖੋਲ੍ਹਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਸਕੇਗਾ ਅਤੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਰਮਨ ਬਹਿਲ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ, ਪਾਰਟੀ ਦੇ ਸਮੁੱਚੇ ਆਗੂਆਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਸਮੇਤ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਸਹਿਯੋਗ ਸਦਕਾ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸਿਰਫ਼ ਇੱਕ ਵਾਹਨ ਜਾਂ ਮਸ਼ੀਨਰੀ ਨਹੀਂ, ਸਗੋਂ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਇੱਕ ਵੱਡਾ ਕਦਮ ਹੈ।

ਮਸ਼ੀਨ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਰਮਨ ਬਹਿਲ ਨੇ ਦੱਸਿਆ ਕਿ ਇਸ ਆਧੁਨਿਕ ਸੁਪਰ ਸੱਕਰ ਕਮ ਜੈਟਿੰਗ ਮਸ਼ੀਨ ਵਿੱਚ ਦੋ ਵੱਖ-ਵੱਖ ਚੈਂਬਰ ਬਣਾਏ ਗਏ ਹਨ। ਪਹਿਲੇ ਚੈਂਬਰ ਵਿੱਚ ਲਗਭਗ 9 ਹਜ਼ਾਰ ਲੀਟਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ। ਇਸ ਪਾਣੀ ਨੂੰ ਬਹੁਤ ਤੇਜ਼ ਪ੍ਰੈਸ਼ਰ ਨਾਲ ਸੀਵਰੇਜ ਦੀਆਂ ਪਾਈਪਾਂ ਵਿੱਚ ਛੱਡਿਆ ਜਾਵੇਗਾ, ਜਿਸ ਨਾਲ ਪਾਈਪਾਂ ਵਿੱਚ ਜਮ੍ਹਾਂ ਹੋਈ ਗੰਦਗੀ ਅਤੇ ਰੁਕਾਵਟਾਂ ਨੂੰ ਹਟਾ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾ ਸਕੇਗੀ। ਦੂਜੇ ਚੈਂਬਰ ਵਿੱਚ ਸੀਵਰੇਜ ਵਿੱਚੋਂ ਨਿਕਲਣ ਵਾਲੀ ਗਾਰ, ਮਿੱਟੀ ਅਤੇ ਹੋਰ ਗੰਦਗੀ ਇਕੱਠੀ ਕੀਤੀ ਜਾਵੇਗੀ, ਜਿਸ ਨੂੰ ਬਾਅਦ ਵਿੱਚ ਨਿਯਮਾਂ ਅਨੁਸਾਰ ਸ਼ਹਿਰ ਤੋਂ ਬਾਹਰ ਨਿਰਧਾਰਤ ਥਾਂ ’ਤੇ ਖਾਲੀ ਕੀਤਾ ਜਾਵੇਗਾ। ਇਸ ਤਰ੍ਹਾਂ ਇੱਕੋ ਮਸ਼ੀਨ ਰਾਹੀਂ ਸੀਵਰੇਜ ਦੀਆਂ ਪਾਈਪਾਂ ਦੀ ਸਫ਼ਾਈ ਅਤੇ ਗੰਦਗੀ ਨੂੰ ਬਾਹਰ ਕੱਢਣ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਮਸ਼ੀਨ ਦਾ ਮੁੱਖ ਮਕਸਦ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ’ਤੇ 15 ਮਿੰਟਾਂ ਦੇ ਅੰਦਰ ਮਸ਼ੀਨ ਸਬੰਧਤ ਸਥਾਨ ’ਤੇ ਪਹੁੰਚਾਉਣ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਲੋਕਾਂ ਨੂੰ ਸੀਵਰੇਜ ਜਾਮ ਹੋਣ ਕਾਰਨ ਲੰਬਾ ਸਮਾਂ ਪਰੇਸ਼ਾਨ ਨਾ ਹੋਣਾ ਪਵੇ। ਰਮਨ ਬਹਿਲ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸ਼ਿਕਾਇਤ ਰਜਿਸਟਰ ਰੱਖਿਆ ਜਾਵੇ, ਜਿਸ ਵਿੱਚ ਹਰ ਸ਼ਿਕਾਇਤ ਦਾ ਪੂਰਾ ਵੇਰਵਾ, ਸ਼ਿਕਾਇਤ ਮਿਲਣ ਦਾ ਸਮਾਂ ਅਤੇ ਉਸ ਦੇ ਨਿਪਟਾਰੇ ਸਬੰਧੀ ਜਾਣਕਾਰੀ ਦਰਜ ਕੀਤੀ ਜਾਵੇ। ਇਸ ਤੋਂ ਇਲਾਵਾ ਕੰਮ ਮੁਕੰਮਲ ਹੋਣ ਉਪਰੰਤ ਸਬੰਧਤ ਸ਼ਿਕਾਇਤਕਰਤਾ ਦੇ ਦਸਤਖ਼ਤ ਵੀ ਲਏ ਜਾਣ, ਤਾਂ ਜੋ ਕੰਮਕਾਜ ਵਿੱਚ ਪਾਰਦਰਸ਼ਤਾ ਬਣੀ ਰਹੇ ਅਤੇ ਲੋਕਾਂ ਨੂੰ ਆਪਣੀ ਸ਼ਿਕਾਇਤ ਦੇ ਹੱਲ ਸਬੰਧੀ ਪੂਰੀ ਤਸੱਲੀ ਹੋ ਸਕੇ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਸ਼ਹਿਰ ਦੀਆਂ ਕਈ ਗਲੀਆਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਸੀ ਅਤੇ ਮੱਛਰਾਂ ਦੀ ਪੈਦਾਵਾਰ ਵਧਣ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਸੀ। ਇਸ ਸਮੱਸਿਆ ਦੇ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਧਿਆਨ ਵਿੱਚ ਰੱਖਦਿਆਂ ਇੰਪਰੂਵਮੈਂਟ ਟਰੱਸਟ ਵੱਲੋਂ ਕੁੱਲ 1 ਕਰੋੜ 65 ਲੱਖ ਰੁਪਏ ਦਾ ਟੈਂਡਰ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੁੱਲ ਰਕਮ ਵਿੱਚੋਂ 1 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸੁਪਰ ਸੱਕਰ ਕਮ ਜੈਟਿੰਗ ਮਸ਼ੀਨ ਖਰੀਦੀ ਗਈ ਹੈ, ਜਦਕਿ ਬਾਕੀ 65 ਲੱਖ ਰੁਪਏ ਦੋ ਸਾਲਾਂ ਲਈ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਸਬੰਧੀ ਲੋੜੀਂਦੀਆਂ ਸੇਵਾਵਾਂ ’ਤੇ ਖਰਚ ਕੀਤੇ ਜਾਣਗੇ। ਇਸ ਵਿੱਚ ਮਸ਼ੀਨ ਚਲਾਉਣ ਲਈ ਤਜਰਬੇਕਾਰ ਡਰਾਈਵਰਾਂ, ਟੈਕਨੀਸ਼ੀਅਨਾਂ ਅਤੇ ਹੈਲਪਰਾਂ ਸਮੇਤ ਲੋੜੀਂਦੀ ਟੀਮ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ, ਤਾਂ ਜੋ ਮਸ਼ੀਨ ਦਾ ਸੰਚਾਲਨ ਲਗਾਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ।

ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਇਸ ਮਸ਼ੀਨ ਦੇ ਆਉਣ ਨਾਲ ਗੁਰਦਾਸਪੁਰ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਵੱਡੀ ਮਦਦ ਮਿਲੇਗੀ। ਲੋਕਾਂ ਨੂੰ ਸੀਵਰੇਜ ਜਾਮ ਹੋਣ ਦੀ ਸੂਰਤ ਵਿੱਚ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਵੀ ਪਹਿਲਾਂ ਨਾਲੋਂ ਤੇਜ਼ੀ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਸ਼ਹਿਰ ਦੇ ਵਿਕਾਸ, ਸਫ਼ਾਈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।

ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ ਅਤੇ ਪੀਟਰ ਮਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਚੇਅਰਮੈਨ ਸਪੋਰਟਸ ਸਵਿੰਦਰ ਸਿੰਘ ਲੰਬੜ, ਹਲਕਾ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਸ਼ਰਮਾ, ਮਾਨ ਕੌਰ ਸਿੰਘ, ਵਿਕਾਸ ਬਿੱਟੂ, ਗੋਲਡੀ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *