ਕਿਹਾ- ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਆਧੁਨਿਕ ਕਮਿਊਨਿਟੀ ਹਾਲ ਨਾਲ ਲੋਕਾਂ ਨੂੰ ਮਿਲਣਗੀਆਂ ਵੱਡੀਆਂ ਸਹੂਲਤਾਂ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)— ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਅਤੇ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਰੱਖਿਆ ਗਿਆ। ਇਸ ਮੌਕੇ ਟਰੱਸਟ ਦੇ ਟਰੱਸਟੀ, ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਸਕੀਮ ਨੰਬਰ 7 ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਮੈਂਬਰ ਵੀ ਮੌਜੂਦ ਰਹੇ।
ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਸਕੀਮ ਨੰਬਰ 7 ਵਿਖੇ ਕਮਿਊਨਿਟੀ ਹਾਲ ਦਾ ਨਿਰਮਾਣ ਇਲਾਕਾ ਵਾਸੀਆਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਹਾਲ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦਾ ਵਿਕਾਸ ਸਿਰਫ਼ ਸੜਕਾਂ ਅਤੇ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਸਮਾਜਿਕ ਅਤੇ ਸਾਂਝੀਆਂ ਗਤੀਵਿਧੀਆਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵਿਆਹ-ਸ਼ਾਦੀਆਂ, ਪਰਿਵਾਰਕ ਸਮਾਗਮਾਂ, ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਸਮੇਤ ਹੋਰ ਸਾਂਝੇ ਸਮਾਗਮ ਕਰਵਾਉਣ ਲਈ ਇੱਕ ਵਧੀਆ ਸਥਾਨ ਉਪਲਬਧ ਹੋਵੇਗਾ। ਇਸ ਨਾਲ ਲੋਕਾਂ ਨੂੰ ਆਪਣੇ ਸਮਾਗਮਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਇਲਾਕੇ ਵਿੱਚ ਹੀ ਵਧੀਆ ਸਹੂਲਤਾਂ ਦਾ ਲਾਭ ਲੈ ਸਕਣਗੇ।
ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਸਮੁੱਚੀ ਟੀਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਇਸ ਮੌਕੇ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਟਰੱਸਟ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਹਾਲ ਇਲਾਕਾ ਵਾਸੀਆਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਹੈ। ਇਸ ਨਾਲ ਲੋਕਾਂ ਨੂੰ ਆਪਣੇ ਪਰਿਵਾਰਕ, ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਦਾ ਉਦੇਸ਼ ਗੁਰਦਾਸਪੁਰ ਨੂੰ ਇੱਕ ਸੁੰਦਰ, ਸੁਵਿਧਾਜਨਕ ਅਤੇ ਵਿਕਸਤ ਸ਼ਹਿਰ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਮੁਖਦੇਵ ਸਿੰਘ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ ਅਤੇ ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

