ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਐਸਿਡ ਅਟੈਕ ਵਿਰੁੱਧ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਸਮਾਜ ਵਿੱਚ ਤੇਜ਼ਾਬੀ ਹਮਲਿਆਂ ਵਰਗੀ ਘਿਨਾਉਣੀ ਅਤੇ ਅਣਮਨੁੱਖੀ ਅਪਰਾਧਿਕ ਪ੍ਰਵਿਰਤੀ ਵਿਰੁੱਧ ਜਾਗਰੂਕਤਾ ਪੈਦਾ ਕਰਨ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਅਤੇ ਸਮਾਜਿਕ ਸੰਵੇਦਨਸ਼ੀਲਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਕਾਲਜ ਦੇ ਮੁਖੀ ਪ੍ਰੋਫੈਸਰ ਅਤੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੀ.ਜੇ.ਐੱਮ. ਸ੍ਰੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ।
ਸੈਮੀਨਾਰ ਦੇ ਮੁੱਖ ਮਹਿਮਾਨ ਸੀ.ਜੇ.ਐੱਮ. ਹਰਪ੍ਰੀਤ ਸਿੰਘ ਨੇ ਸੰਬੋਧਨ ਦੌਰਾਨ ਤੇਜ਼ਾਬੀ ਹਮਲਿਆਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਬਹੁਤ ਹੀ ਵਿਸਥਾਰਪੂਰਵਕ ਅਤੇ ਜਾਣਕਾਰੀ ਭਰਪੂਰ ਚਰਚਾ ਕੀਤੀ। ਉਨ੍ਹਾਂ ਨੇ ਭਾਰਤੀ ਕਾਨੂੰਨ ਅਧੀਨ ਤੇਜ਼ਾਬੀ ਹਮਲਿਆਂ ਨਾਲ ਸਬੰਧਤ ਕਾਨੂੰਨੀ ਧਾਰਾਵਾਂ, ਦੋਸ਼ੀਆਂ ਲਈ ਨਿਰਧਾਰਤ ਸਜ਼ਾਵਾਂ, ਤੇਜ਼ਾਬ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਅਤੇ ਪੀੜਤਾਂ ਨੂੰ ਮਿਲਣ ਵਾਲੇ ਮੁਆਵਜ਼ੇ ਤੇ ਕਾਨੂੰਨੀ ਸਹਾਇਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਗਰੂਕਤਾ ਅਪਰਾਧਾਂ ਦੀ ਰੋਕਥਾਮ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਦਾ ਇੱਕ ਮਹੱਤਵਪੂਰਨ ਸਾਧਨ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ, ਅਨਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਲੋੜ ਪੈਣ ‘ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਪਹਿਲਾਂ ਸੈਮੀਨਾਰ ਦੀ ਸ਼ੁਰੂਆਤ ਵਿੱਚ ਡਾ. ਸੰਦੀਪ ਕੌਰ ਵੱਲੋਂ ਤੇਜ਼ਾਬੀ ਹਮਲਿਆਂ ਦੇ ਗੰਭੀਰ ਸਮਾਜਿਕ ਅਤੇ ਮਨੁੱਖੀ ਪੱਖਾਂ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਡਾਕੂਮੈਂਟਰੀ ਵਿਦਿਆਰਥੀਆਂ ਨੂੰ ਦਿਖਾਈ ਗਈ। ਇਸ ਡਾਕੂਮੈਂਟਰੀ ਰਾਹੀਂ ਤੇਜ਼ਾਬੀ ਹਮਲਿਆਂ ਦੀ ਭਿਆਨਕਤਾ, ਪੀੜਤਾਂ ਦੇ ਜੀਵਨ ‘ਤੇ ਪੈਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਅਤੇ ਉਨ੍ਹਾਂ ਵੱਲੋਂ ਦਰਪੇਸ਼ ਚੁਣੌਤੀਆਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਅਜਿਹੇ ਅਪਰਾਧਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਨਾਲ-ਨਾਲ ਪੀੜਤਾਂ ਪ੍ਰਤੀ ਸਹਿਯੋਗ, ਸਨਮਾਨ ਅਤੇ ਮਨੁੱਖੀ ਹਮਦਰਦੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੇਜ਼ਾਬੀ ਹਮਲਾ ਸਿਰਫ਼ ਕਿਸੇ ਵਿਅਕਤੀ ਦੇ ਸਰੀਰ ‘ਤੇ ਕੀਤਾ ਗਿਆ ਹਮਲਾ ਨਹੀਂ, ਸਗੋਂ ਉਸ ਦੀ ਸ਼ਖ਼ਸੀਅਤ, ਆਤਮ-ਵਿਸ਼ਵਾਸ, ਸੁਪਨਿਆਂ ਅਤੇ ਜੀਵਨ ਜਿਊਣ ਦੇ ਅਧਿਕਾਰ ‘ਤੇ ਕੀਤਾ ਗਿਆ ਇੱਕ ਗੰਭੀਰ ਹਮਲਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਬਲਕਿ ਉਨ੍ਹਾਂ ਨੂੰ ਇੱਕ ਜਾਗਰੂਕ, ਸੰਵੇਦਨਸ਼ੀਲ, ਕਾਨੂੰਨ ਦਾ ਸਤਿਕਾਰ ਕਰਨ ਵਾਲਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਖੜ੍ਹਨ ਵਾਲਾ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਪ੍ਰਤੀ ਚੁੱਪ ਰਹਿਣ ਦੀ ਬਜਾਏ ਜਾਗਰੂਕਤਾ ਫੈਲਾਉਣ ਅਤੇ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ।

