ਰਮਨ ਬਹਿਲ ਵੱਲੋਂ ਪਿੰਡ ਤੁੰਗ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਗੁਰਦਾਸਪੁਰ

ਬੱਚਿਆਂ ਅਤੇ ਨੌਜਵਾਨਾਂ ਨੂੰ ਮੋਬਾਈਲ ਦੀ ਲਤ ਅਤੇ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ: ਰਮਨ ਬਹਿਲ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ ਅੱਜ ਪਿੰਡ ਤੁੰਗ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਖੇਡ ਮੈਦਾਨ ਵਿੱਚ ਬੱਚਿਆਂ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਲਈ ਵੱਖ-ਵੱਖ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਦੀਆਂ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਮੋਬਾਈਲ ਫੋਨਾਂ ਦੀ ਵਧਦੀ ਲਤ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਖੇਡਾਂ ਇੱਕ ਅਜਿਹਾ ਮਾਧਿਅਮ ਹਨ ਜੋ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਆਦਤ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਆਧੁਨਿਕ ਖੇਡ ਮੈਦਾਨ ਬਣਾਉਣ ਨਾਲ ਬੱਚਿਆਂ ਨੂੰ ਮੋਬਾਈਲ ਫੋਨਾਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਸਮਾਂ ਬਿਤਾਉਣ ਦਾ ਵਧੀਆ ਮੌਕਾ ਮਿਲੇਗਾ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਕੰਮਾਂ ਵਿੱਚ ਲਗਾ ਸਕਣਗੇ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਬੱਚਿਆਂ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਬਹੁਤ ਮਹੱਤਵਪੂਰਨ ਹੈ। ਇਸ ਖੇਡ ਮੈਦਾਨ ਵਿੱਚ ਹਰ ਉਮਰ ਵਰਗ ਦੇ ਬੱਚਿਆਂ ਲਈ ਖੇਡਣ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਪਿੰਡ ਦੇ ਬੱਚੇ, ਨੌਜਵਾਨ ਅਤੇ ਹੋਰ ਵਸਨੀਕ ਇਸ ਦਾ ਲਾਭ ਲੈ ਸਕਣਗੇ।

ਰਮਨ ਬਹਿਲ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਅੱਗੇ ਵੀ ਲਗਾਤਾਰ ਯਤਨ ਜਾਰੀ ਰਹਿਣਗੇ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਯੂਥ ਕੋਆਰਡੀਨੇਟਰ ਸੰਦੀਪ ਸਿੰਘ ਸ਼ੇਰਾ, ਸਰਪੰਚ ਜਸਪਾਲ ਸਿੰਘ ਪਿੰਡ ਤੁੰਗ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਆਧੁਨਿਕ ਖੇਡ ਮੈਦਾਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਰਮਨ ਬਹਿਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ।

Leave a Reply

Your email address will not be published. Required fields are marked *