ਰਣਜੀਤ ਸਿੰਘ ਪਾਹੜਾ, ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਰਾਜੇਸ਼ ਭੰਗਵਾਂ ਜ਼ਿਲ੍ਹਾ ਸਕੱਤਰ, ਆਮ ਆਦਮੀ ਪਾਰਟੀ ਨਿਯੁਕਤ
ਰਮਨ ਬਹਿਲ ਨੂੰ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਵੱਡੀ ਲੀਡ ਨਾਲ ਜਿਤਾਵਾਂਗੇ-ਰਣਜੀਤ ਸਿੰਘ ਪਾਹੜਾ ਤੇ ਰਾਜੇਸ਼ ਭੰਗਵਾਂ
ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਪ ਪਾਰਟੀ ਵਲੋਂ ਰਣਜੀਤ ਸਿੰਘ ਪਾਹੜਾ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਰਾਜੇਸ਼ ਭੰਗਵਾਂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਹੋਣ ‘ਤੇ ਸਨਮਾਨਿਤ ਕਰਨ ਉਪਰੰਤ ਕੀਤਾ।
ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਵਾਈਸ ਪ੍ਰਧਾਨ ਰਣਜੀਤ ਸਿੰਘ ਪਾਹੜਾ ਅਤੇ ਜ਼ਿਲ੍ਹਾ ਸਕੱਤਰ ਰਾਜੇਸ਼ ਭੰਗਵਾਂ ਨੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸਕਰਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਸੀਟ ਜਿਤਾ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਉਨਾਂ ਕਿਹਾ ਕਿ ਉਹ ਪਾਰਟੀ ਨੂੰ ਪੂਰਨ ਭਰੋਸਾ ਦਿੰਦੇ ਹਨ ਕਿ ਉਹ ਉਨਾਂ ਦੇ ਵਿਸ਼ਵਾਸ ’ਤੇ ਖਰ੍ਹਾ ਉੱਤਰਨਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਗੁਰਦਾਸਪੁਰ ਹਲਕੇ ਅੰਦਰ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।

