ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਅਤੇ ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਵੱਲੋਂ ਥਾਣਾ ਸਿਵਲ ਲਾਈਨ, ਬਟਾਲਾ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ

ਗੁਰਦਾਸਪੁਰ

ਬਟਾਲਾ (ਕੰਡਿਆਲ), ਗੁਰਦਾਸਪੁਰ 26 ਨਵੰਬਰ ( ਸਰਬਜੀਤ ਸਿੰਘ)–:ਨਜ਼ਦੀਕੀ ਪਿੰਡ ਕੰਡਿਆਲ ਵਿਖੇ ਇੱਕ ਵਿਆਹੁਤਾ ਲੜਕੀ ਕਾਜਲ ਦਾ ਉਸਦੇ ਸਹੁਰੇ ਪਰਿਵਾਰ (ਪਤੀ, ਸੱਸ, ਸਹੁਰਾ ਅਤੇ ਦਿਉਰ) ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਕਥਿਤ ਮਿਲੀਭੁਗਤ ਦੇ ਖ਼ਿਲਾਫ਼ ਅੱਜ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਅਤੇ ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਵੱਲੋਂ ਥਾਣਾ ਸਿਵਲ ਲਾਈਨ, ਬਟਾਲਾ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਘਟਨਾ ਦੇ ਵੇਰਵਿਆਂ ਅਨੁਸਾਰ, ਬੀਤੇ ਕੱਲ੍ਹ ਕਾਜਲ ਦਾ ਕਤਲ ਹੋਣ ਉਪਰੰਤ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਆਂਦਾ ਗਿਆ। ਪੀੜਤ ਪਰਿਵਾਰ ਅਤੇ ਜਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਦੀ ਹਾਜ਼ਰੀ ਵਿੱਚ ਪੋਸਟਮਾਰਟਮ ਹੋਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਖ਼ਿਲਾਫ਼ ਕੋਈ ਐਫ.ਆਈ.ਆਰ. (FIR) ਦਰਜ ਕੀਤੀ ਗਈ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨਸਾਨੀਅਤ ਨੂੰ ਸ਼ਰਮਸਾਰ ਕਰਦਿਆਂ ਪੁਲਿਸ ਨੇ ਮ੍ਰਿਤਕ ਦੇਹ ਵਾਰਸਾਂ (ਮਾਪਿਆਂ) ਨੂੰ ਸੌਂਪਣ ਦੀ ਬਜਾਏ ਕਥਿਤ ਦੋਸ਼ੀ ਸਹੁਰੇ ਪਰਿਵਾਰ ਦੇ ਹਵਾਲੇ ਕਰ ਦਿੱਤੀ, ਜਿਨ੍ਹਾਂ ਨੇ ਲੜਕੀ ਦੇ ਮਾਪਿਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ।ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਆਗੂ ਕਾਮਰੇਡ ਮਨਜੀਤ ਰਾਜ ਬਟਾਲਾ ਅਤੇ ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਦੇ ਪ੍ਰਧਾਨ ਪਿੰਟਾ ਤਲਵੰਡੀ ਭਰਥ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਗਰੀਬ ਵਰਗ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਪੁਲਿਸ ਪ੍ਰਸ਼ਾਸਨ ਸ਼ਰੇਆਮ ਕਾਤਲਾਂ ਦੀ ਪੁਸ਼ਤਪਨਾਹੀ ਕਰ ਰਿਹਾ ਹੈ।ਜਥੇਬੰਦੀਆਂ ਵੱਲੋਂ ਥਾਣੇ ਦੇ ਘਿਰਾਓ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਸ਼ਾਮ 4 ਵਜੇ ਤੱਕ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਸਖ਼ਤ ਅਲਟੀਮੇਟਮ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਵਧਦੇ ਰੋਹ ਅੱਗੇ ਝੁਕਦਿਆਂ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. (SHO) ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਾਮ 4 ਵਜੇ ਤੱਕ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਜਾਵੇਗਾ। ਜਥੇਬੰਦਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Leave a Reply

Your email address will not be published. Required fields are marked *