ਮੀਟਿੰਗ ਤੋਂ ਮੁਲਾਜ਼ਮਾਂ ਨੂੰ ਮਿਲੇ ਹਾਂ-ਪੱਖੀ ਸੰਕੇਤ, ਜਲਦ ਹੋਵੇਗੀ ਫੈਸਲਾਕੁੰਨ ਮੀਟਿੰਗ
ਪ੍ਰਿਆਸ ਭਵਨ ਸੈਕਟਰ-38 ਚੰਡੀਗੜ੍ਹ ਵਿਖੇ ਮੁਲਾਜ਼ਮਾਂ ਦਾ ਲਗਾਤਾਰ ਧਰਨਾ ਜਾਰੀ, 1 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ।
ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਿਤ ਮੁਲਾਜ਼ਮ ਭਲਾਈ ਕਮੇਟੀ ਨਾਲ ਦੂਜੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਵਿੱਚ ਆਪਣੀਆਂ ਮੰਗਾਂ ਦੇ ਹੱਲ ਦੀ ਆਸ ਜਾਗੀ ਹੈ ਅਤੇ ਜਲਦ ਹੀ ਇਸ ਸਬੰਧੀ ਇੱਕ ਹੋਰ ਫੈਸਲਾਕੁੰਨ ਮੀਟਿੰਗ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਡਾ ਸੁਨੀਲ ਨੇ ਦੱਸਿਆ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਧਿਆਨ ਵਿੱਚ ਮਾਮਲਾ ਲਿਆ ਰਹੇ ਹਨ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੋਰ ਮੁਲਾਜ਼ਮਾਂ ਦੇ ਬਰਾਬਰ ਬਣਦੇ ਸੇਵਾ ਲਾਭ ਦਿੱਤੇ ਜਾਣ। ਇਸ ਤੋਂ ਇਲਾਵਾ ਤਨਖਾਹਾਂ ਵਿੱਚ ਬਣਦਾ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ ਦੌਰਾਨ ਜਿਸ ਤਰ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਕੀਤਾ ਗਿਆ ਹੈ, ਉਸ ਤੋਂ ਇਹ ਉਮੀਦ ਬਣੀ ਹੈ ਕਿ ਸਰਕਾਰ ਜਲਦ ਹੀ ਕੋਈ ਠੋਸ ਫੈਸਲਾ ਲੈ ਸਕਦੀ ਹੈ। ਮੁਲਾਜ਼ਮਾਂ ਨੂੰ ਆਸ ਹੈ ਕਿ ਆਉਣ ਵਾਲੀ ਫੈਸਲਾਕੁੰਨ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਸਾਹਮਣੇ ਆਵੇਗਾ। ਹਾਲਾਂਕਿ ਜਦੋਂ ਤੱਕ ਮੰਗਾਂ ਦਾ ਲਿਖਤੀ ਰੂਪ ਵਿੱਚ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੁੱਖ ਦਫ਼ਤਰ ਪ੍ਰਿਆਸ ਭਵਨ, ਸੈਕਟਰ-38, ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਐਨ.ਐਚ.ਐਮ. ਮੁਲਾਜ਼ਮ ਸ਼ਮੂਲੀਅਤ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਹੀਂ ਹੁੰਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਸੇ ਸੰਘਰਸ਼ ਦੀ ਅਗਲੀ ਕੜੀ ਵਜੋਂ 1 ਦਸੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਪੰਜਾਬ ਭਰ ਦੇ ਐਨ.ਐਚ.ਐਮ. ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ।
ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਠੋਸ ਫੈਸਲਾ ਲਿਆ ਜਾਵੇ ਤਾਂ ਜੋ ਸਿਹਤ ਸੇਵਾਵਾਂ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸਿਹਤ ਸੇਵਾਵਾਂ ਵੀ ਸੁਚਾਰੂ ਢੰਗ ਨਾਲ ਚਲਦੀਆਂ ਰਹਿਣ।

