ਕਿਹਾ- ਗੁਰਦਾਸਪੁਰ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜ਼ਿਲ੍ਹੇ ਅੰਦਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋਰ ਸਰਗਰਮੀ ਨਾਲ ਕੀਤਾ ਜਾਵੇਗਾ ਕੰਮ -ਐੱਸ ਐੱਸ ਪੀ ਤੁਸ਼ਾਰ ਗੁਪਤਾ
ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਤੁਸ਼ਾਰ ਗੁਪਤਾ, ਆਈ.ਪੀ.ਐੱਸ. ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਕਪਤਾਨ ਪੁਲਸ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹੇ ਵਿੱਚ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾਈਆਂ ਹਨ।
ਅਹੁਦਾ ਸੰਭਾਲਣ ਉਪਰੰਤ 2018 ਬੈਚ ਦੇ ਆਈ ਪੀ ਐੱਸ ਅਧਿਕਾਰੀ ਤੁਸ਼ਾਰ ਗੁਪਤਾ ਵਲੋਂ ਜ਼ਿਲ੍ਹੇ ਗੁਰਦਾਸਪੁਰ ਨਾਲ ਸਬੰਧਤ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਲ੍ਹੇ ਐੱਸ ਬੀ ਐੱਸ ਨਗਰ ਵਿਖੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਸੀ ਅਤੇ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਵਿਰੁੱਧ ਪੇਸ਼ੇਵਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ
ਕਾਰਵਾਈ ਕੀਤੀ ਜਾਵੇਗੀ।
ਐੱਸ ਐੱਸ ਪੀ ਤੁਸ਼ਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋਰ ਵੀ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚੋਂ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ।
ਤੁਸ਼ਾਰ ਗੁਪਤਾ, ਆਈ.ਪੀ.ਐੱਸ. ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਅਮਨ- ਸ਼ਾਂਤੀ ਬਰਕਰਾਰ ਰੱਖਣ ਅਤੇ ਲੋਕਾਂ ਨੂੰ ਬਿਹਤਰ ਪੁਲਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਗੁਰਦਾਸਪੁਰ ਪੁਲਸ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰ ਢੰਗ ਨਾਲ ਕੰਮ ਕਰੇਗੀ।
ਇਸ ਤੋਂ ਪਹਿਲਾਂ ਆਈ ਪੀ ਐੱਸ ਤੁਸ਼ਾਰ ਗੁਪਤਾ ਦਾ ਐੱਸ ਐੱਸ ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਪੁਲਸ ਅਧਿਕਾਰੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।

