ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 12 ਸਤੰਬਰ ਨੂੰ ਗੁਰਦਾਸਪੁਰ ਵਿੱਚ ਬਾਰਡਰ ਦੇ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਪੰਜਾਬ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਵੱਲੋਂ ਤਿਆਰੀਆਂ ਦਾ ਜਾਇਜਾ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ 2022 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਧਾਰ ਰਹੇ ਹਨ, ਜਿਸ ਦੌਰਾਨ ਉਹ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਮਾਣਯੋਗ ਰਾਜਪਾਲ ਪੰਜਾਬ ਦੀ ਆਮਦ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣਗੇ ਅਤੇ ਨਾਲ ਹੀ ਸਰਹੱਦੀ ਲੋਕਾਂ ਦੀ ਮੁਸ਼ਕਲਾਂ ਨੂੰ ਜਾਨਣਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜਪਾਲ ਪੰਜਾਬ ਦੇ ਦੌਰੇ ਸਬੰਧੀ ਤਿਆਰੀਆਂ ਨੂੰ ਸਮਾਂ ਰਹਿੰਦੇ ਪੂਰਾ ਕਰ ਲੈਣ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਸਥਾਨਕ ਪੰਚਾਇਤ ਭਵਨ ਵਿੱਚ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਿਥੇ ਬੀ.ਐੱਸ.ਐੱਫ, ਫ਼ੌਜ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦਾ ਰੋਲ ਹੈ ਓਥੇ ਸਰਹੱਦੀ ਇਲਾਕੇ ਦੇ ਲੋਕ ਵੀ ਸਰਹੱਦਾਂ ਦੀ ਰਾਖੀ ਲਈ ਆਪਣਾ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਪਾਕਿਸਤਾਨ ਹਮੇਸ਼ਾਂ ਹੀ ਭਾਰਤ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ, ਇਸ ਲਈ ਸਰਹੱਦ ਦੇ ਨੇੜੇ ਵੱਸੇ ਲੋਕਾਂ ਨੂੰ ਹੋਰ ਵੀ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਸਨੀਕ ਸਰਹੱਦ ਪਾਰੋਂ ਹੁੰਦੀ ਡਰੋਨ ਦੀ ਵਰਤੋਂ ਬਾਰੇ ਵੀ ਚੌਕਸ ਰਹਿਣ ਅਤੇ ਦਿਨ ਜਾਂ ਰਾਤ ਸਮੇਂ ਜਦੋਂ ਓਨਾਂ ਦੇ ਕੰਨੀ ਡਰੋਨ ਦੀ ਅਵਾਜ਼ ਪੈਂਦੀ ਹੈ ਜਾਂ ਕਿਸੇ ਹੋਰ ਸ਼ੱਕੀ ਹਰਕਤ ਦਾ ਪਤਾ ਲੱਗਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਰਹੱਦ ਦੇ ਲੋਕਾਂ ਨੇ ਦੁਸ਼ਮਣ ਤੋਂ ਆਪਣੇ ਦੇਸ਼ ਨੂੰ ਬਚਾਉਣ ਅਤੇ ਸਰਹੱਦ ਦੀ ਰਾਖੀ ਲਈ ਬੀ.ਐੱਸ.ਐੱਫ, ਫ਼ੌਜ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦਾ ਹਮੇਸ਼ਾਂ ਸਾਥ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਇਹ ਬਹਾਦਰ ਲੋਕ ਦੁਸ਼ਮਣ ਦੇ ਮਨਸੂਬਿਆਂ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਣਗੇ।

Leave a Reply

Your email address will not be published. Required fields are marked *