ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐਸਡੀਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੈਖੋ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਮਾਲ ਵਿਭਾਗ ਦੀ ਟੀਮਾਂ ਨਾਲ ਬਲਾਕ ਦੇ ਹੋਟ ਸਪੋਟ ਪਿੰਡਾ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਐਸ ਐਸਡੀਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਟੀਮਾਂ ਵਲੋਂ ਪਿੰਡ ਸ਼ਾਹਪੁਰ ਜਾਜਨ, ਦੇਹੜ ਗਵਾਰ ਸਮੇਤ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।