ਨੀਲੋਖੇੜੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ

ਪੰਜਾਬ

ਕਾਂਗਰਸੀ ਉਮੀਦਵਾਰ ਨੂੰ ਬਿਨਾਂ ਸ਼ਰਤ ਸਮਰਥਨ

ਚੰਡੀਗੜ੍ਹ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)—- ਚਲੋਖੇੜੀ (ਰਾਖਵੀਂ) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਦਾ ਮੈਂਬਰ ਬਣਾਇਆ ਹੈ। ਅਮਰ ਸਿੰਘ ਦਾ ਸਵਾਗਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਕਾਂਗਰਸੀ ਉਮੀਦਵਾਰ ਧਰਮਪਾਲ ਜੀ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਅਮਰ ਸਿੰਘ ਨੀਲੋਖੇੜੀ ਦੇ ਸਿੱਖ ਭਾਈਚਾਰੇ ਵਿੱਚ ਬਹੁਤ ਹਰਮਨ ਪਿਆਰੇ ਹਨ ਅਤੇ ਪਿਛਲੇ 25 ਸਾਲਾਂ ਤੋਂ ਗੁਰੂ ਘਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਨੀਲੋਖੇੜੀ ਵਿੱਚ ਸਿੱਖ ਵੋਟਰਾਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰ ਸਿੰਘ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਵਿੱਚ ਮੁਕਾਬਲਾ ਸਿੱਧਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਨੀਲੋਖੇੜੀ ਵਿੱਚ ਵੀ ਅਜਿਹਾ ਹੀ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਉਦੇਸ਼ ਕਿਸਾਨਾਂ, ਔਰਤਾਂ, ਦਲਿਤਾਂ ਅਤੇ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਕਰਨ ਵਾਲੀ ਭਾਜਪਾ ਸਰਕਾਰ ਤੋਂ ਖਹਿੜਾ ਛੁਡਾਉਣਾ ਹੈ ਅਤੇ ਇਹ ਕੰਮ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਲੜਦੇ ਤਾਂ ਇਸ ਦਾ ਸਿੱਧਾ ਫਾਇਦਾ ਭਾਜਪਾ ਨੂੰ ਹੋਣਾ ਸੀ। ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਕਿ ਵੋਟਾਂ ਦੀ ਵੰਡ ਨਾ ਹੋਵੇ।ਇਸ ਮੌਕੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਕੇਵਲ ਢੀਂਗਰਾ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਸੈੱਲ ਦੇ ਚੇਅਰਮੈਨ ਕੇਸੀ ਭਾਟੀਆ ਨੇ ਵੀ ਅਮਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ।

Leave a Reply

Your email address will not be published. Required fields are marked *