ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਉਮਾ ਸ਼ੰਕਰ ਗੁਪਤਾ,ਡਿਪਟੀ ਵਲੋਂ ਦਾਣਾ ਮੰਡੀ ਕਾਹਨੂੰਵਾਨ ਅਤੇ ਜੌੜਾਂ ਛੱਤਰਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਡਿਪਟੀ ਕਮਿਸ਼ਨਰ ਵਲੋਂ ਕਾਹਨੂੰਵਾਨ ਮੰਡੀ ਵਿਖੇ ਕਿਸਾਨ ਜਸਪਾਲ ਸਿੰਘ ਦੀ ਮਾਰਕਫੈੱਡ ਦੀ ਫੜ੍ਹ ‘ਤੇ ਅਤੇ ਜੌੜਾ ਮੰਡੀ ਵਿਖੇ ਕਿਸਾਨ ਅਮਰਬੀਰ ਸਿੰਘ ਦੀ ਪਨਗਰੇਨ ਦੇ ਫੜ੍ਹ ‘ਤੇ ਢੇਰੀ ਦੀ ਬੋਲੀ ਕਰਵਾ ਕੇ ਖਰੀਦ ਦਾ ਆਗਾਜ਼ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਹਨਾਂ ਨੇ ਖ਼ਰੀਦ ਸਬੰਧੀ ਸਾਰੀਆਂ ਸਬੰਧਤ ਧਿਰਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ। ਸੁੱਕੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਕਰ ਕੇ ਤੈਅ ਸਮੇਂ ਦੇ ਵਿੱਚ-ਵਿੱਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਲੀ ਫਸਲ ਕੱਟਣ ਕਾਰਨ ਨਮੀ ਸਰਕਾਰ ਦੀਆਂ ਨਿਰਧਾਰਤ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਰਮਥ ਹੁੰਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਬੇ-ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ, ਇਸ ਲਈ ਰਾਤ ਸਮੇਂ ਫਸਲ ਦੀ ਕਟਾਈ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ, ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ, ਕੁਲਜੀਤ ਸਿੰਘ ਸੈਣੀ, ਸਕੱਤਰ ਮਾਰਕੀਟ ਕਮੇਟੀ, ਸਮੂਹ ਏਜੰਸੀਆਂ ਦੇ ਨੁੰਮਾਇਦਿਆਂ ਸਮੇਤ ਕਿਸਾਨ ਹਾਜ਼ਰ ਸਨ।