ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ
ਚੇਅਰਮੈਨ ਰਮਨ ਬਹਿਲ ਨੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨਾਲ ਕੀਤਾ ਵਿਚਾਰ ਵਟਾਂਦਰਾ
ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਕਤ ਲਫਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸਥਾਨਕ ਹੋਟਲ ਮੈਨਜਮੈਂਟ ਸੰਸਥਾ ਵਿਖੇ ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਣ ਉਪਰੰਤ ਕਹੇ। ਇਸ ਮੌਕੇ ਉਨਾਂ ਨਾਲ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪਿ੍ਰੰਸੀਪਲ ਸਕੱਤਰ ਜੇ.ਐੱਮ. ਬਾਲਾਮੁਰਗਨ, ਪਿ੍ਰੰਸੀਪਲ ਸਕੱਤਰ ਫਾਇਨਾਂਸ ਏ.ਕੇ ਸਿਨਹਾ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸਤਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਸਰਹੱਦ ਨੇੜੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ’ਤੇ ਚਿੰਤਾ ਜ਼ਾਹਰ ਕਰਦਿਆਂ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਇਨਿੰਗ ਨੂੰ ਸਖਤੀ ਨਾਲ ਰੋਕਿਆ ਜਾਵੇ ਅਤੇ ਅਜਿਹੀਆਂ ਥਾਵਾਂ ’ਤੇ ਮਾਇਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ ਹੋਰ ਧਰਾਵਾਂ ਦੇ ਨਾਲ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਜਾਵੇ। ਉਨਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਇਸ ਵਿਚ ਕੋਈ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਮੁੱਚੇ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਮਾਣਯੋਗ ਰਾਜਪਾਲ ਪੰਜਾਬ ਨੇ ਕਿਹਾ ਕਿ ਅਜਿਹੀਆਂ ਡਿਫੈਂਸ ਕਮੇਟੀਆਂ ਪੂਰੇ ਰਾਜ ਵਿੱਚ ਬਣਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਡਿਫੈਂਸ ਕਮੇਟੀਆਂ ਦੀ ਚੌਕਸੀ ਨਾਲ ਸਮਾਜ ਤੇ ਦੇਸ਼ ਵਿਰੋਧੀ ਅਨਸਰਾਂ ਦੀ ਪਛਾਣ ਹੋ ਸਕੇਗੀ, ਜਿਨਾਂ ’ਤੇ ਕਾਬੂ ਪਾਇਆ ਜਾ ਸਕੇਗਾ। ਉਨਾਂ ਸੂਬੇ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਡਿਫੈਂਸ ਕਮੇਟੀ ਦਾ ਗਠਨ ਕਰਕੇ ਉਨਾਂ ਨੂੰ ਐਕਟਿਵ ਕੀਤਾ ਜਾਵੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਪੰਚ-ਪੰਚ ਆਪਣੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਨਾਂ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਪਿੰਡ ਵਾਸੀਆਂ ਨੂੰ ਦੇਸ਼ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨਾਂ ਨੂੰ ਚੌਕਸ ਕਰਦੇ ਰਹਿਣ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਜਦੋਂ ਵੀ ਕਿਸੇ ਸ਼ੱਕੀ ਕਾਰਵਾਈ ਦਾ ਪਤਾ ਲੱਗੇ ਤਾਂ ਉਹ ਤੁਰੰਤ ਇਸਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ। ਉਨਾਂ ਕਿਹਾ ਕਿ ਸਰਹੱਦ ਪਾਰੋਂ ਸਮਗਲਿੰਗ ਲਈ ਹੁੰਦੀ ਡਰੋਨ ਦੀ ਵਰਤੋਂ ਬਾਰੇ ਵੀ ਪੂਰੀ ਤਰਾਂ ਚੌਕਸ ਰਿਹਾ ਜਾਵੇ। ਇਸ ਮੌਕੇ ਉਨਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਦੀ ਸੁਰੱਖਿਆ ਬਾਰੇ ਅਵਾਮ ਵਿੱਚ ਜਾਗਿ੍ਰਤੀ ਪੈਦਾ ਕਰਨ। ਰਾਜਪਾਲ ਪੰਜਾਬ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਵਸਨੀਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਜਾਗਰੂਕ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਉਨਾਂ ਨਾਲ ਆਏ ਸੀਨੀਅਰ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ ਵਰੁਨ ਕੁਮਾਰ, ਆਮ ਆਦਮੀ ਪਾਰਟੀ ਦੇ ਜ਼ਿਲਾ ਇੰਚਾਰਜ ਜਗਰੂਪ ਸਿੰਘ ਸੇਖਵਾਂ, ਦੀਨਨਗਰ ਤੋਂ ਆਪ ਆਗੂ ਸ਼ਮਸ਼ੇਰ ਸਿੰਘ ਸਮੇਤ ਜ਼ਿਲੇ ਦੇ ਸਰਹੱਦੀ ਪਿੰਡਾਂ ਦੇ ਸਰਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।