ਪੰਚਾਇਤੀ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ 200 ਲਾਇਸੰਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ

ਗੁਰਦਾਸਪੁਰ

ਉਮਾ ਸ਼ੰਕਰ ਗੁਪਤਾ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ
ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)– ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਜੁਗਰਾਜ ਸਿੰਘ, ਪੁਲਸ ਕਪਤਾਨ (ਹੈੱਡਕੁਆਰਟਰ), ਗੁਰਦਾਸਪੁਰ ਅਤੇ ਜਸਵੰਤ ਕੌਰ, ਪੁਲਸ ਕਪਤਾਨ, ਬਟਾਲਾ ਹਾਜਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ 200 ਲਾਇਸੰਸ ਧਾਰਕਾਂ, ਜਿਨ੍ਹਾਂ ਦਾ ਕਰੀਮੀਨਲ ਰਿਕਾਰਡ ਹੈ, ਦੇ ਹਥਿਆਰ ਜਮ੍ਹਾਂ ਕਰਵਾਏ ਗਏ ਹਨ, ਤਾਂ ਜੋ ਕੋਈ ਸ਼ਰਾਰਤੀ ਅਨਸਰ ਪੰਚਾਇਤੀ ਚੋਣਾਂ ਵਿੱਚ ਵਿਘਨ ਨਾ ਪਾ ਸਕੇ ਅਤੇ ਚੋਣਾਂ ਅਮਨ-ਸ਼ਾਂਤੀ ਨਾਲ ਨੇਪੜੇ ਚੜ੍ਹ ਸਕਣ।
ਮੀਟਿੰਗ ਦੌਰਾਨ ਜਿਲ੍ਹਾ ਮੈਜਿਸਟਰੇਟ ਨੇ ਗੁਰਦਾਸਪੁਰ ਅਤੇ ਬਟਾਲਾ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ-ਸਾਂਤੀ ਨੂੰ ਕਾਇਮ ਰੱਖਣ ਲਈ ਸਮੇਂ ਸਮੇਂ ਤੇ ਪੁਲਸ ਵਲੋਂ ਫਲੈਗ ਮਾਰਚ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

Leave a Reply

Your email address will not be published. Required fields are marked *