ਏਡੀਸੀ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਗੁਰਦਾਸਪੁਰ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ )— ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ.ਕਮਰਜੀਤ ਸਿੰਘ ਐਸਡੀਐਮ ਗੁਰਦਾਸਪੁਰ, ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਇੰਸਪੈਕਟਰ ਬਲਜੀਤ ਕੌਰ, ਐਸਐਚਓ ਧਾਰੀਵਾਲ, ਬਲਾਕ ਖੇਤੀਬਾੜੀ ਅਫਸਰ ਰਛਪਾਲ ਸਿੰਘ, ਯਾਦਵਿੰਦਰ ਸਿੰਘ ਏਈਓ, ਸਮੇਤ ਵੱਖ- ਵੱਖ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸੋਹਲ ਪਿੰਡ ਵਿਖੇ ਖੇਤਾਂ ਵਿੱਚ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬੰਨਣ ਦੇ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਕਿਸਾਨਾਂ, ਨੰਬਰਦਾਰਾਂ, ਨੋਡਲ ਅਫਸਰਾਂ, ਕਲੱਸਟਰ ਅਫਸਰਾਂ, ਅਤੇ ਬੈਲਰ ਮਾਲਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਜਦ ਸਾਡੇ ਕੋਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੌਜੂਦ ਹੈ ਤਾਂ ਸਾਨੂੰ ਮਸ਼ੀਨਰੀ ਦੀ ਵੱਧ ਤੋ ਵੱਧ ਵਰਤੋਂ ਕਰਨੀ ਚਾਹੀਦੀ ਹੈ, ਇਸ ਨਾਲ ਜਿਥੇ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਖਾਦਾਂ ਦੀ ਵਰਤੋਂ ‘ਚ ਵੀ ਕਮੀ ਆਉਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਉਪਲਬਧ ਹੈ ਤੇ ਕਿਸਾਨ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਿੰਡ ਵਿੱਚ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਨਿਯੁਕਤ ਕੀਤੇ ਗਏ ਨੋਡਲ ਅਫਸਰ ਨਾਲ ਤਾਲਮੇਲ ਕਰਕੇ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਜੇਕਰ ਉਨ੍ਹਾਂ ਨੂੰ ਫਿਰ ਵੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜੇਲੇ ਐੱਸ.ਡੀ.ਐੱਮ. ਦਫਤਰ ਜਾਂ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਨ ਜਾ ਹੈਲਪ ਲਾਈਨ ਨੰਬਰ 1800-180-1852 ਤੇ ਫੋਨ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇ ਝੋਨੇ ਦੀ ਫਸਲ ਦੀ ਕਟਾਈ ਨਾ ਕੀਤੀ ਜਾਵੇ, ਮੰਡੀਆਂ ਵਿੱਚ ਝੋਨਾਂ ਸੁੱਕਾ ਲੈ ਕੇ ਆਇਆ ਜਾਵੇ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Leave a Reply

Your email address will not be published. Required fields are marked *