ਡਿਪਟੀ ਕਮਿਸ਼ਨਰ, ਕਾਹਨੂੰਵਾਨ ਦਾਣਾ ਮੰਡੀ ਪਹੁੰਚੇ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਗੁਰਦਾਸਪੁਰ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਨਾਲ ਦੀ ਨਾਲ ਚੁਕਾਈ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਕਰੀਬ 42 ਫੀਸਦ ਝੋਨਾ ਚੁੱਕਿਆ ਗਿਆ ਹੈ ਅਤੇ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਗੁਰਦਾਸਪੁਰ, ਕਰਮਜੀਤ ਸਿੰਘ, ਡੀਐਫਐਸਸੀ, ਸੁਖਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਪੂਰਾ ਭਾਅ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 126 ਕਰੋੜ 30 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਈ ਜਿਣਸ ਦੀ ਨਾਲੋਂ ਨਾਲ ਖ਼ਰੀਦ ਲਈ ਇਹ ਜ਼ਰੂਰੀ ਹੈ ਕਿ ਝੋਨਾ ਵਿੱਚ ਨਮੀ ਦੀ ਮਾਤਰਾ ਸਹੀ ਹੋਵੇ, ਇਸ ਲਈ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਬੈਠਣਾ ਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿੱਚ ਇੱਕ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਾਬੰਦ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ। ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਦੱਸਣਯੋਗ ਹੈ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77611 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 70299 ਮੀਟਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ।

Leave a Reply

Your email address will not be published. Required fields are marked *