ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ, ਕਿਸਾਨਾਂ ਨੂੰ 145 ਕਰੋੜ 42 ਲੱਖ ਰੁਪਏ ਦੀ ਕੀਤੀ ਅਦਾਇਗੀ

ਗੁਰਦਾਸਪੁਰ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ )-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 145 ਕਰੋੜ 42 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 30309 ਮੀਟਰਕ ਟਨ, ਮਾਰਕਫੈੱਡ ਵਲੋਂ 21201 ਮੀਟਰਕ ਟਨ, ਪਨਸਪ ਵਲੋਂ 27599 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 12859 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ 97177 ਮੀਟਰਕ ਟਨ ਦੀ ਆਮਦ ਹੋਈ ਸੀ। ਸਰਕਾਰੀ ਖਰੀਦ ਏਜੰਸੀਆਂ ਵਲੋਂ 91968 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 41 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *