ਸਮੂਹਿਕ ਸਹਿਯੋਗ ਨਾਲ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕੀਤਾ ਜਾਵੇਗਾ- ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ– ਡਿਪਟੀ ਕਮਿਸ਼ਨਰ ਗੁਰਦਾਸੁਪਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਮਾਜ ਸੇਵੀਆਂ ਵੱਲ਼ੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦਿਆ ਅੱਜ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ, ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਨਸ਼ਾ ਛਡਾਉ ਅਤੇ ਮੁੜ ਵਸੇਬਾ ਕੇਂਦਰ, ਗੁਰਦਾਸਪੁਰ ਵੱਲੋਂ ਬਾਲ ਭਵਨ ਤੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਇਸ ਮੌਕੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ਼ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਆਉਂਦੀ ਹੈ, ਸਗੋਂ ਮਿੱਟੀ ਦੀ ਉਤਪਾਦਕਤਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਸੜਕੀ ਹਾਦਸਿਆ ਵਿੱਚ ਵਾਧਾ ਹੁੰਦਾ ਹੈ ਅਤੇ ਇਸ ਨਾਲ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।
ਰੋਮੇਸ਼ ਮਹਾਜਨ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਰਿਆਂ ਨੂੰ ਇੱਕ ਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ ਵਿੱਚ ਇਸ ਮੱਦੇ ‘ਤੇ ਹੋਰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਪਰਾਲੀ ਨਾ ਸਾੜਨ ਸਬੰਧੀ ਫਲੈਕਸ ਲਗਾ ਕੇ ਅਤੇ ਸੈਮੀਨਾਰਾਂ ਰਾਹੀਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਦੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕੀਤਾ ਜਾਵੇਗਾ। ਇਸ ਮੌਕੇ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਲਿਆ ਗਿਆ।