ਸਮੂਹ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਨੂੰ ਚੈੱਕ ਕਰਨ ਦਾ ਸ਼ਡਿਊਲ ਜਾਰੀ

ਗੁਰਦਾਸਪੁਰ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਖ਼ਰਚਾ ਰਜਿਸਟਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਉਮੀਦਵਾਰਾਂ ਦੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਮਾਣਯੋਗ ਖਰਚਾ ਅਬਜ਼ਰਵਰ ਵੱਲੋਂ ਉਮੀਦਵਾਰ ਦੇ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਖਰਚਾ ਰਜਿਸਟਰ ਦਾ ਪਹਿਲਾ ਨਿਰੀਖਣ 02 ਨਵੰਬਰ 2024 (ਦਿਨ ਸ਼ਨੀਵਾਰ) ਸਵੇਰੇ 10 ਵਜੇ , ਦੂਜਾ ਨਿਰੀਖਣ 05 ਨਵੰਬਰ 2024 ( ਦਿਨ ਮੰਗਵਾਰ) ਸਵੇਰੇ 10 ਵਜੇ ਅਤੇ ਤੀਸਰਾ ਨਿਰੀਖਣ 09 ਨਵੰਬਰ 2024 ( ਦਿਨ ਸ਼ਨੀਵਾਰ) ਸਵੇਰੇ 10 ਵਜੇ ਇਹ ਤਿੰਨੋਂ ਦਿਨ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖ਼ਰਚਾ ਅਬਜ਼ਰਵਰ ਦੀ ਹਾਜ਼ਰੀ ਵਿੱਚ ਉਮੀਦਵਾਰਾਂ ਦੇ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਬਲਕ ਐੱਸ.ਐੱਮ.ਐੱਸ ਤੇ ਵਾਈਸ ਮੈਸੇਜ, ਇਲੈਕਟਰੋਨਿਕ ਮੀਡੀਆ ਟੀ.ਵੀ. ਤੇ ਕੇਬਲ ਚੈਨਲ, ਜਨਤਕ ਥਾਵਾਂ ’ਤੇ ਆਡੀਓ-ਵੀਜ਼ੂਅਲ ਰਾਜਨੀਤਿਕ ਮੁਹਿੰਮ, ਇੰਟਰਨੈੱਟ ਅਤੇ ਸੋਸ਼ਲ ਮੀਡੀਆ, ਰੇਡੀਓ, ਈ-ਪੇਪਰ, ਸਿਨੇਮਾ ਹਾਲ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਅਪੀਲ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਚੋਣ ਪ੍ਰਚਾਰ ਉੱਪਰ ਜੋ ਵੀ ਖ਼ਰਚਾ ਕੀਤਾ ਜਾ ਰਿਹਾ ਹੈ ਉਸਦੀ ਜਾਣਕਾਰੀ ਆਪਣੇ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੇ ਨਾਲ ਚੋਣ ਦਫ਼ਤਰ ਨੂੰ ਵੀ ਇਸਦੀ ਸੂਚਨਾ ਦਿੱਤੀ ਜਾਵੇ।

Leave a Reply

Your email address will not be published. Required fields are marked *