ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ, ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਪਿੰਡ ਝਾਵਰ, ਸੁੱਖਾ ਰਾਜੂ ਤੇ ਕਾਹਨੂੰਵਾਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦਾ ਉਪਯੋਗ ਕਰਦੇ ਹੋਏ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਜ਼ਮੀਨ ਵਿੱਚ ਰਲਾਉਣ ਨਾਲ ਕੀਟਨਾਸ਼ਕਾਂ ਤੋਂ ਵੀ ਨਜ਼ਾਤ ਮਿਲਦੀ ਹੈ ਅਤੇ ਯੂਰੀਆਂ ਖਾਦ ਦੀ ਖ਼ਪਤ ਵਿੱਚ ਘੱਟ ਹੁੰਦੀ ਹੈ।