ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖੇਤਾਂ ‘ਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਵਲੋਂ ਖੁਦ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਪਰਾਲੀ ਸਾੜਨ ਦੇ ਕਾਰਨ ਪੁੱਛ ਕੇ, ਉਨ੍ਹਾਂ ਦਾ ਹੱਲ ਕੀਤਾ ਗਿਆ। ਪਰਾਲੀ ਪ੍ਰਬੰਧਨ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਆਪ ਖੁਦ ਅਤੇ ਹੋਰ ਅਧਿਕਾਰੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾ ਰਹੇ ਹਨ ਅਤੇ ਫਲਾਇੰਗ ਸਕੈਅਡ ਅਤੇ ਹੋਰਨਾਂ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਅੱਜ ਪਿੰਡ ਚੱਠਾ, ਰਾਜਪੂਤ ਕਾਦੀਆਂ,ਖੁਸ਼ਹਾਲਪੁਰ, ਸਠਿਆਲੀ,ਭਗਤਾਣਾ ਤੁਲੀਆਂ, ਵਡਾਲਾ ਬਾਂਗਰ ਤੇ ਖੁਜਾਲਾ ਦੇ ਖੇਤਾਂ ਵਿੱਚ ਨਾੜ/ਪਰਾਲੀ ਸਾੜੀ ਜਾ ਰਹੀ ਸੀ ਪਰ ਅਧਿਕਾਰੀਆਂ ਦੀ ਮੁਸ਼ਤੈਦੀ ਕਾਰਨ ਅੱਗ ਬੁਝਾ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਗੰਢਾਂ ਬਣਾਉਣ ਨੂੰ ਤਰਜੀਹ ਦੇਣ।ਉਨਾਂ ਕਿਹਾ ਕਿ ਜਿਸ ਤੇਜ਼ੀ ਨਾਲ ਸਾਡਾ ਵਾਤਾਵਰਨ ਦਿਨੋ-ਦਿਨ ਗੰਧਲਾ ਹੁੰਦਾ ਜਾ ਰਿਹਾ ਹੈ, ਉਹ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦਿਨੋ-ਦਿਨ ਗੰਧਲੇ ਹੁੰਦੇ ਜਾ ਰਹੇ ਵਾਤਾਵਰਨ ਨੂੰ ਸਵੱਛ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਲਈ ਕਿਸਾਨ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪਰਾਲੀ ਦੀ ਸੁਚੱਜੀ ਸੰਭਾਲ ਕਰਨ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ‘ਤੇ ਖੇਤੀ ਮਸ਼ੀਨਰੀ ਵੀ ਦਿੱਤੀ ਗਈ ਹੈ ਤਾਂ ਜੋ ਪਰਾਲੀ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕੇ। ਕਿਸਾਨ ਪਰਾਲੀ ਦੀਆਂ ਗੰਢਾਂ ਬਣਾ ਕੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ।ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਸਖਤ ਹਦਾਇਤਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵਿਰੁੱਧ ਕਾਰਵਾਈ ਕਰਕੇ, ਉਹਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀਆਂ ਵੀ ਕੀਤੀਆਂ ਜਾ ਰਹੀਆਂ ਹਨ।