ਗੁਰਦਾਸਪੁਰ 12 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਤੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਬਠਿੰਡਾ ਦੇ ਰਾਏ ਕੇ ਕਲਾਂ ਵਿਖੇ ਪੁਲਸ ਬਲ ਦਾ ਪ੍ਰਯੋਗ ਕਰਦੇ ਹੋਏ ਨਿਰਦੋਸ਼ ਕਿਸਾਨਾਂ ਉੱਪਰ ਕੀਤਾ ਗਿਆ ਲਾਠੀਚਾਰਜ ਬਹੁਤ ਨਿੰਦਣਯੋਗ ਘਟਨਾ ਹੈ ਜਿਸ ਦੀ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਭੋਜਰਾਜ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਇਸ ਸਾਰੇ ਘਟਨਾਕ੍ਰਮ ਦੀ ਪੜਤਾਲ ਕਰਨ ਤੇ ਪਤਾ ਲੱਗਦਾ ਹੈ ਕਿ ਸਾਰੇ ਹਾਲਾਤ ਪੈਦਾ ਕਰਨ ਦਾ ਦੋਸ਼ੀ ਖਰੀਦ ਏਜੰਸੀ ਦਾ ਇੰਸਪੈਕਟਰ ਹੈ ਜਿਸ ਵੱਲੋਂ ਕਿਸਾਨਾਂ ਦੀ 17% ਤੋ ਥੱਲੇ ਨਮੀਂ ਵਾਲੇ ਝੋਨੇ ਨੂੰ ਐਮਐਸਪੀ ਉੱਪਰ ਖਰੀਦਣ ਦੀ ਬਜਾਏ ਸੱਤ ਤੋ ਅੱਠ ਕਿਲੋ ਕਾਟ ਦੀ ਮੰਗ ਕਰ ਰਹੇ ਸੈਲਰਾਂ ਅਤੇ ਆੜਤੀਆ ਦਾ ਪੱਖ ਪੂਰਿਆ ਗਿਆ ਸੀ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਲੁੱਟ ਨੂੰ ਰੋਕਣ ਦੀ ਬਜਾਏ ਆੜਤੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਸ਼ਹਿ ਦਿੰਦੇ ਹੋਏ ਮਾਹੌਲ ਨੂੰ ਵਿਗਾੜ ਕੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ। ਕਿਸਾਨ ਆਗੂ ਭੋਜਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਰਾਜ ਧਰਮ ਦਾ ਪਾਲਣ ਕਰਦੇ ਹੋਏ ਆਪਣੇ ਲੋਕਾਂ ਦੀ ਮੰਡੀਆਂ ਵਿੱਚ ਹੋ ਰਹੀ ਲੁੱਟ ਨੂੰ ਤੁਰੰਤ ਰੋਕਣਾਂ ਚਾਹੀਦਾ ਹੈ ਤੇ ਦੋਸ਼ੀ ਅਧਿਕਾਰੀਆਂ, ਸ਼ੈਲਰ ਮਾਲਕਾਂ ਅਤੇ ਆੜਤੀਆਂ ਉੱਪਰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।ਜਿਹਨਾਂ ਕਿਸਾਨਾਂ ਦਾ ਝੋਨੇ ਦੀ ਫਸਲ ਤੇ ਕੱਟ ਲੱਗਣ ਕਾਰਨ ਭਾਰੀ ਆਰਥਿਕ ਨੁਕਸਾਨ ਹੋਇਆ ਹੈ ਉਹਨਾਂ ਦੇ ਨੁਕਸਾਨ ਦੀ ਭਰਪਾਈ ਨੂੰ ਯਕੀਨੀ ਬਣਾਇਆ ਜਾਵੇ।