ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ’ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਕੁਲ 64.1 ਫੀਸਦ ਵੋਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ’ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।ਡਿਪਟੀ ਕਮਿਸ਼ਨਰ ਨੇ ਸਮੂਹ ਪੋਲਿੰਗ ਸਟਾਫ, ਅਫ਼ਸਰਾਂ ਸਮੇਤ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ।


