3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ’ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ

ਗੁਰਦਾਸਪੁਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ

ਬਟਾਲਾ, ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ `ਚ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਈ ਜਾਵੇਗੀ। ਬਟਾਲਾ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 11 ਬਲਾਕਾਂ ਦੀਆਂ ਕੁੱਲ 1285 ਪੰਚਾਇਤਾਂ ਹਨ ਜਿਨਾਂ ਵਿੱਚ 1267 ਸਰਪੰਚ ਅਤੇ 7208 ਪੰਚ ਚੁਣੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8475 ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸੂਬਾ ਸਰਕਾਰ ਦੇ ਕੈਬਨਿਟ ਵਜ਼ੀਰ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਭਾਗ ਲੈਣਗੇ।ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਠੀਕ ਸਵੇਰੇ 10:00 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਮੂਹ ਸਰਪੰਚ ਤੇ ਪੰਚ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਜ਼ਿੰਮੇਵਾਰੀ ਦਾ ਹਲਫ ਲੈਣ।

Leave a Reply

Your email address will not be published. Required fields are marked *