ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ
ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਣਕ ਦੀ ਵੰਡ ਉੱਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ 8 ਸਾਲਾਂ ਬਾਅਦ ਵਧਾ ਕੇ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਲ 2016 ਵਿੱਚ ਇਹ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਹੁਣ ਮਾਨ ਸਰਕਾਰ ਨੇ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸ. ਸੇਖਵਾਂ ਨੇ ਰਾਜ ਸਰਕਾਰ ਦੇ ਇਸ ਕਦਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ।ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸੂਬੇ ਵਿੱਚ ਹੋਰ ਰਾਸ਼ਨ ਡਿਪੂ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ, 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9792 ਰਾਸ਼ਨ ਡਿਪੂ ਖੋਲ੍ਹੇ ਜਾਣਗੇ ਜਿਹਨਾਂ ਵਿੱਚੋਂ 8040 ਪੇਂਡੂ ਖੇਤਰਾਂ ਵਿੱਚ ਜਦੋਂ ਕਿ 1742 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹੋਣਗੇ।