7669 400 500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ
ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ) – ਸੀ.ਐਮ. ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ ਇਹਨਾਂ ਦਾ ਲਾਭ ਲੈ ਰਹੇ ਹਨ ਤੇ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ ‘ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ।
ਚੇਅਰਮੈਨ ਰਮਨ ਬਹਿਲ ਨੇ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਜੇਕਰ ਲੋਕ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣਾ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫ੍ਰੀ ਨੰਬਰ 7669400500 ‘ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ‘ਤੇ ਲੌਗਿਇੰਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ‘ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ‘ਤੇ ਈਮੇਲ ਭੇਜ ਸਕਦੇ ਹਨ।