ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾਵੇਗੀ ‘ਕਲੀਨ ਐਂਡ ਗਰੀਨ’ ਮੁਹਿੰਮ

ਗੁਰਦਾਸਪੁਰ

11 ਦਸੰਬਰ ਨੂੰ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਹੋਵੇਗਾ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼

ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਤੌਰ ‘ਤੇ ‘ਕਲੀਨ ਐਂਡ ਗਰੀਨ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਨਾਲ ਹੀ ਸਮਾਜਿਕ ਬੁਰਾਈਆਂ ਖ਼ਿਲਾਫ਼ ਵੀ ਲਾਮਬੰਦ ਕੀਤਾ ਜਾਵੇਗਾ। ਇਹ ਮੁਹਿੰਮ 11 ਦਸੰਬਰ ਤੋਂ ਸ਼ੁਰੂ ਹੋ ਕੇ ਫਰਵਰੀ 2025 ਤੱਕ ਚੱਲੇਗੀ।’ਕਲੀਨ ਐਂਡ ਗਰੀਨ’ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਅਤੇ ਸਹਾਇਕ ਕਮਿਸ਼ਨਰ (ਜ) ਅਦਿੱਤਿਆ ਗੁਪਤਾ ਦੀਆਂ ਹਦਾਇਤਾਂ ਤਹਿਤ ਸਿੱਖਿਆ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ, ਲੋਕ ਸੰਪਰਕ ਵਿਭਾਗ, ਜੰਗਲਾਤ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ‘ਕਲੀਨ ਐਂਡ ਗਰੀਨ’ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਭਾਰਤੀ ਫ਼ੌਜ ਦੇ ਅਧਿਕਾਰੀ ਨੇ ਦੱਸਿਆ ਕਿ ‘ਕਲੀਨ ਐਂਡ ਗਰੀਨ’ ਮੁਹਿੰਮ ਤਹਿਤ ਤਿੱਬੜੀ ਛਾਉਣੀ ਦੇ 5 ਕਿੱਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਲਈ ਤਿੰਨ ਜ਼ੋਨ ਬਣਾਏ ਗਏ ਹਨ। ਇਸ ਮੁਹਿੰਮ ਦੀ ਸ਼ੁਰੂਆਤ 11 ਦਸੰਬਰ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਪੁਰਾਣਾ ਸ਼ਾਲਾ ਤੋਂ ਹੋਵੇਗੀ ਅਤੇ ਇਸ ਪ੍ਰੋਗਰਾਮ ਵਿੱਚ ਭਾਰਤੀ ਫ਼ੌਜ ਦੇ ਉੱਚ ਅਧਿਕਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਵੀ ਸ਼ਾਮਲ ਹੋਣਗੇ।ਉਨਾਂ ਦੱਸਿਆ ਕਿ ‘ਕਲੀਨ ਐਂਡ ਗਰੀਨ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪਿੰਡਾਂ ਦੇ ਵਸਨੀਕਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਨੂੰ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਮੁਹਿੰਮ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਜਾਵੇਗਾ ਤਾਂ ਜੋ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸਣ ਤੋਂ ਬਚ ਸਕਣ। ਮੁਹਿੰਮ ਦੌਰਾਨ ਆਪਣੇ ਚੌਗਿਰਦੇ ਦੀ ਸਫ਼ਾਈ ਕਰਨ ਦੇ ਨਾਲ ਪੌਦੇ ਵੀ ਲਗਾਏ ਜਾਣਗੇ ਤਾਂ ਜੋ ਸਾਡਾ ਵਾਤਾਵਰਨ ਹਰਾ-ਭਰਾ ਹੋ ਸਕੇ।ਪ੍ਰਬੰਧਕਾਂ ਨੇ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ‘ਕਲੀਨ ਐਂਡ ਗਰੀਨ’ ਮੁਹਿੰਮ ਵਿੱਚ ਆਪਣਾ ਪੂਰਾ ਸਾਥ ਦੇਣ ਤਾਂ ਜੋ ਅਸੀਂ ਸਾਰੇ ਮਿਲ ਕੇ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਬਣਾਉਣ ਤੋਂ ਇਲਾਵਾ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੀਏ।

Leave a Reply

Your email address will not be published. Required fields are marked *