‘ਸਵੱਛਤਾ ਹੀ ਸੇਵਾ’ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਲਈ ਕਿਹਾ
ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ-ਪਾਕਿ ਸਰਹੱਦ ’ਤੇ ਬਣੀਆਂ ਸੁਰੱਖਿਆ ਚੌਂਕੀਆਂ ਦੇ ਨਜ਼ਦੀਕ ਵਾਸ਼ਰੂਮ (ਪਖਾਨੇ) ਬਣਾਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਸਰਹੱਦ ਦੀ ਰਾਖੀ ਲਈ ਤਾਇਨਾਤ ਬੀ.ਐੱਸ.ਐੱਫ ਦੀਆਂ ਮਹਿਲਾ ਕਰਮਚਾਰਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਸਰਹੱਦੀ ਚੌਂਕੀਆਂ ਨਜ਼ਦੀਕ ਕੋਈ ਵਾਸ਼ਰੂਮ ਨਾ ਹੋਣ ਕਾਰਨ ਡਿਊਟੀ ਦੌਰਾਨ ਬੀ.ਐੱਸ.ਐੱਫ ਦੀਆਂ ਮਹਿਲਾ ਕਰਮਚਾਰਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੁਸ਼ਕਲ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਲਦੀ ਤੋਂ ਜਲਦੀ ਸਰਹੱਦੀ ਚੌਂਕੀਆਂ ਦੇ ਨੇੜੇ ਵਾਸ਼ਰੂਮ (ਪਖਾਨੇ) ਬਣਾ ਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਰਹੱਦ ਦੀ ਰਾਖੀ ਕਰਨ ਵਾਲੇ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਕਰਮਚਾਰਨਾਂ ਦੀ ਸਹੂਲਤ ਦਾ ਖਿਆਲ ਰੱਖਣਾ ਸਾਡਾ ਫਰਜ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲ ਦੇ ਅਧਾਰ ’ਤੇ ਬੀ.ਐੱਸ.ਐੱਫ ਦੀ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਹੱਦ ਦੇ ਨਾਲ ਫਲੱਡ ਲਾਈਟਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਰਾਤ ਸਮੇਂ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਤੇ ਨਸ਼ੇ ਦੀ ਤਸਕਰੀ ਨੂੰ ਰੋਕਿਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਭਾਰਤ ਸਰਕਾਰ ਵੱਲੋਂ ਮਿਤੀ 15 ਸਤੰਬਰ 2022 ਤੋਂ 2 ਅਕਤੂਬਰ 2022 ਤੱਕ ਮਨਾਏ ਜਾ ਰਹੇ ‘ਸਵੱਛਤਾ ਹੀ ਸੇਵਾ’ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਪਿੰਡਾਂ ਵਿੱਚ ਵੀ ਲੋਕਾਂ ਨੂੰ ਸਵੱਛਤਾ ਅਭਿਆਨ ਬਾਰੇ ਜਾਗਰੂਕ ਕਰਕੇ ਇਸ ਮਿਸ਼ਨ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾ ਨਾਲ ਆਪਣੇ ਆਲੇ-ਦੁਆਲੇ ਨੂੰ ਅਸਾਨੀ ਨਾਲ ਸਵੱਛ ਰੱਖਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਮੌਚਪੁਰ ਵਿਖੇ ਵਿਭਾਗ ਦੇ ਜਲ ਸਪਲਾਈ ਦੇ ਚੱਲ ਰਹੇ ਕੰਮ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।