ਉਮੀਦਵਾਰ 12 ਦਸੰਬਰ 2024 ਤੱਕ ਜਮ੍ਹਾਂ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੇਪਰ
ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਰਾਜ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਿਪਲ ਕਮੇਟੀਆਂ, ਨਗਰ ਪੰਚਾਇਤਾਂ ਦੀਆਂ ਅਤੇ ਕੁਝ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਅਤੇ ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਵਿਚ ਉਪ ਚੋਣ ਕਰਵਾਈ ਜਾਣੀ ਹੈ।ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ 9 ਦਸੰਬਰ 2024 ਤੋਂ 12 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖ਼ਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਿਤ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਦੋ ਉਪ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿੱਚ ਨਾਮਜ਼ਦਗੀ ਪੱਤਰ ਅਤੇ ਹਲਫ਼ੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿੱਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐੱਸ.ਸੀ./ਬੀ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ), ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ ‘ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰ-ਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖ਼ਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਿਤ ਰਿਟਰਨਿੰਗ ਅਫ਼ਸਰ ਕੋਲ ਜਮਾਂ ਕਰਵਾਉਣਾ ਹੋਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫ਼ੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵੀ ਉਪਲਬਧ ਹਨ।