ਡੇਰਾ ਬਾਬਾ ਨਾਨਕ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ। ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਨਾਲ ਜਿੱਥੇ ਨੌਜਵਾਨਾਂ ਵਿੱਚ ਬਾਹਰ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਓਥੇ ਇਹ ਨੌਜਵਾਨ ਰੰਗਲਾ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ, ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ, ਨੀਤੀਆਂ ਤੇ ਨੀਅਤ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਲੋਕ ਆਪਣਿਆਂ ਤੇ ਬੇਗਾਨਿਆਂ ਦੇ ਫ਼ਰਕ ਨੂੰ ਸਮਝ ਚੁੱਕੇ ਹਨ ਅਤੇ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਆਪ ਸਰਕਾਰ ਦੀਆਂ ਹਾਂ ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਜ਼ਮੀਨੀ ਹਕੀਕਤਾਂ ਤੋ ਜਾਣੂੰ ਹੈ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਜ਼ਿਆਦਾਤਰ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਜੋ ਇੱਕਾ-ਦੁੱਕਾ ਰਹਿ ਗਈਆਂ ਹਨ, ਉਨ੍ਹਾਂ ਨੂੰ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ।