ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਰਜਿੰਦਰ ਸਿੰਘ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਅਤੇ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਖੇ ਸਮੂਹ ਜੱਜ ਸਾਹਿਬਾਨ ਵੱਲੋਂ ‘ਮਨੁੱਖੀ ਅਧਿਕਾਰ ਦਿਵਸ’ ਮਨਾਇਆ ਗਿਆ। ਇਸ ਮੌਕੇ ਪੰਜਾਬੀ ਜ਼ੁਬਾਨ ਦੇ ਉੱਘੇ ਲੇਖਕ ਨਿੰਦਰ ਘੁਗਿਆਣਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਮੌਕੇ ‘ਤੇ ‘ਨਿਰਾਸ਼ਾ ਤੋਂ ਦੂਰੀ ਕਿੰਨੀ ਜ਼ਰੂਰੀ’ ਵਿਸ਼ੇ ਉੱਪਰ ਵਿਸਥਾਰ ਵਿੱਚ ਦੱਸਿਆ ਅਤੇ ਇਸ ਤੋਂ ਇਲਾਵਾ ਉਨ੍ਹਾਂ ਆਪਣੇ ਅਦਾਲਤੀ ਤਜ਼ਰਬੇ ਸਾਂਝੇ ਕੀਤੇ ਤੇ ਨਿਆਂ ਪਾਲਿਕਾ ਨਾਲ ਸਬੰਧਿਤ ਆਪਣੀਆਂ ਲਿਖਤਾਂ ਬਾਬਤ ਸਰੋਤਿਆਂ ਨੂੰ ਦੱਸਿਆ।
ਇਸ ਮੌਕੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਦੱਸਿਆ ਕਿ ਹਰ ਸਾਲ 10 ਦਸੰਬਰ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੂੰ ਸਾਰੇ ਸੰਸਾਰ ਦਾ ਵਧੀਆ ਅਤੇ ਵਿਸਤਰਿਤ ਸੰਵਿਧਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ ਜਿਸ ਕਰਕੇ ਇਹ ਦਿਨ ਗਣਤੰਤਰ ਦਿਵਸ ਜਾਂ ਲੋਕਰਾਜ ਦਿਵਸ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਤੋਂ ਵੀ ਜਾਣੂ ਹੋਣਾ ਚਾਹੀਦਾ ਹੈ।
ਇਸ ਮੌਕੇ ਡਾ. ਸੁਪਰੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਪ੍ਰਭਜੋਤ ਸਿੰਘ, ਟ੍ਰੇਨੀ ਅਫ਼ਸਰ, ਗੁਰਦਾਸਪੁਰ ਦੁਆਰਾ ਇਸ ਮੌਕੇ ਵਿਸ਼ਵ ਮਨੁੱਖੀ ਅਧਿਕਾਰੀ ਦਿਵਸ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਸਮਾਗਮ ਦੇ ਅਖੀਰ ਵਿੱਚ ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਜੱਜ ਸਾਹਿਬਾਨ ਅਤੇ ਵਿਸ਼ੇਸ਼ ਮਹਿਮਾਨ ਨਿੰਦਰ ਘੁਗਿਆਣਵੀ ਦਾ ਧੰਨਵਾਦ ਕੀਤਾ।