ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਵਚਨਬੱਧ – ਸੇਖਵਾਂ
ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਖ਼ਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਂਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਪ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫ਼ੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫ਼ੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *