ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪਨ

ਪੰਜਾਬ

ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟਸ ਨਾਲ ਕੀਤਾ ਸਨਮਾਨਿਤ

ਜ਼ਿਲ੍ਹੇ ਜੇਤੂ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਲੈਣਗੇ ਭਾਗ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਮੁਕੰਮਲ ਹੋ ਗਏ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਜੁਡੋ ਦੇ ਵੱਖ-ਵੱਖ ਉਮਰ ਵਰਗ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿੱਚ 14, 17, 21 ਸਾਲ ਗੁਰੱਪ ਦੇ 300 ਤੋਂ ਵਧੇਰੇ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ, ਵੈਟਨਰੀ ਅਫ਼ਸਰ ਡਾ. ਗੁਰਦੇਵ ਸਿੰਘ, ਰਵੇਲ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਤ ਕੀਤਾ ਗਿਆ।

ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਹੁਣ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸਫਲਤਾ ਲਈ ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਕੋਚ ਸਾਹਿਬਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।  

ਇਸ ਮੌਕੇ ਸ਼ਹੀਦ ਭਗਤ ਸਿੰਘ ਜੂਡੋ ਟਰੇਨਿੰਗ ਸੈਂਟਰ ਦੇ ਇੰਚਾਰਜ ਅਮਰਜੀਤ ਸ਼ਾਸ਼ਤਰੀ ਨੇ ਕਿਹਾ ਕਿ ਸਾਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਲ ਬੇਟੀ ਖਿਡਾਓ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਖੇਡਾਂ ਦੇ ਸਮਾਪਤੀ ਸਮਾਰੋਹ ਮੌਕੇ ਜੂਡੋ ਖੇਡ ਵਿੱਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤ ਚੁੱਕੀਆਂ 14 ਖਿਡਾਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜੋ ਇਸ ਸਮੇਂ ਵਕੀਲ, ਡਾਕਟਰ, ਇੰਜੀਨੀਅਰ, ਅਧਿਆਪਕਾ ਅਤੇ ਬਿਜਨਸਵੋਮੈਨ ਦੇ ਤੌਰ ’ਤੇ ਸਫਲ ਜੀਵਨ ਬਸਰ ਕਰ ਰਹੀਆਂ ਹਨ।  

Leave a Reply

Your email address will not be published. Required fields are marked *