ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਏਗੀ ਧੀਆਂ ਦੀ ਲੋਹੜੀ – ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਨਵ-ਜੰਮੀਆਂ ਧੀਆਂ ਦੀ ਲੋਹੜੀ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਪੂਰੀ ਧੂਮਧਾਮ ਨਾਲ ਮਨਾਈ ਜਾਵੇ। ਇਸ ਮੌਕੇ ਨਵ-ਜੰਮੀਆਂ ਬੱਚੀਆਂ ਨੂੰ ਲੋਹੜੀ ਪਾਉਣ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਧੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਲੜਕੀਆਂ ਨੇ ਆਪਣੀ ਮਿਹਨਤ, ਕਾਬਲੀਅਤ ਅਤੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਹਰ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ ਪਰ ਫਿਰ ਵੀ ਜੋ ਥੋੜ੍ਹਾ-ਬਹੁਤ ਫ਼ਰਕ ਰਹਿ ਗਿਆ ਹੈ ਉਸ ਨੂੰ ਦੂਰ ਕਰਨ ਲਈ ਵੀ ਸਾਂਝੇ ਤੌਰ ‘ਤੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਲਈ ਮੁਫ਼ਤ ਸਾਫ਼ਟ ਸਕਿੱਲ ਟਰੇਨਿੰਗ ਕੋਰਸ ਅਤੇ ਆਈ.ਏ.ਐੱਸ. ਤੇ ਪੀ.ਸੀ.ਐੱਸ. ਵਰਗੀਆਂ ਮੁਕਾਬਲੇ ਦੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇ। ਇਸ ਤੋਂ ਇਲਾਵਾ ਲੜਕੀਆਂ ਨੂੰ ਚਾਰ ਪਹੀਆ ਵਾਹਨ ਅਤੇ ਈ-ਰਿਕਸ਼ਾ ਚਲਾਉਣ ਦੀ ਸਿਖਲਾਈ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਵਿਭਾਗ ਰਾਹੀਂ ਲੜਕੀਆਂ ਦਾ ਵਾਲੀਬਾਲ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਨੇ ਕਿਹਾ ਕਿ ਜਨਤਕ ਥਾਵਾਂ ਉੱਪਰ ਲੜਕੀਆਂ/ਔਰਤਾਂ ਦੇ ਹੱਕਾਂ ਅਤੇ ਸਰਕਾਰ ਵੱਲੋਂ ਉਨ੍ਹਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਜਾਣਕਾਰੀ ਦਿੰਦੇ ਬੋਰਡ ਲਗਾਏ ਜਾਣ। ਸਕੂਲਾਂ ਵਿੱਚ ਲੜਕੀਆਂ ਦੀ ਵਿਸ਼ੇਸ਼ ਤੌਰ ‘ਤੇ ਕੈਰੀਅਰ ਕਾਊਂਸਲਿੰਗ ਕੀਤੀ ਜਾਵੇ। ਲੜਕੀਆਂ ਦਾ ਵਿਸ਼ੇਸ਼ ਵਿੱਦਿਅਕ ਟੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਸੈੱਲਫ਼ ਡਿਫੈਂਸ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੜਕੀਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇ ਅਤੇ 5 ਸਾਲ ਤੱਕ ਦੀਆਂ ਬੱਚੀਆਂ ਲਈ ਸੰਤੁਲਨ ਖ਼ੁਰਾਕ ਦਾ ਚਾਰਟ ਛਾਪ ਕੇ ਵੰਡਿਆ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਸਿਵਲ ਸਰਜਨ ਡਾ. ਭਾਰਤ ਭੂਸ਼ਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਸੀ.ਡੀ.ਪੀ.ਓ. ਵਰਿੰਦਰ ਸਿੰਘ ਗਿੱਲ, ਸ਼ਸ਼ੀ ਬਾਲਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਜੀਵ ਸਿੰਘ, ਬਲਾਕ ਮਿਸ਼ਨ ਮੈਨੇਜਰ ਚਾਂਦ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *