ਭਾਰਤ ਸਰਕਾਰ ਵੱਲੋਂ 26 ਸਤੰਬਰ ਨੂੰ ਨਵੀਂ ਦਿੱੱਲੀ ਵਿਖੇ ਵਿਸ਼ੇਸ਼ ਸਨਮਾਨ ਸਮੋਰਹ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕੀਤਾ ਜਾਵੇਗਾ ਸਨਮਾਨਤ

ਪੰਜਾਬ

ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕੀਤਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਰਾਸ਼ਟਰੀ ਪੱਧਰ ’ਤੇ ਇੱਕ ਹੋਰ ਉਪਲੱਬਧੀ ਹਾਸਲ ਕਰਦਿਆਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਵਿੱਚ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।

ਭਾਰਤ ਸਰਕਾਰ ਵੱਲੋਂ ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਦੇਸ਼ ਦੇ 27 ਰਾਜਾਂ ਅਤੇ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਦੇ 75 ਜ਼ਿਲ੍ਹਿਆਂ ਵਿੱਚ 28 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਚਲਾਈ ਗਈ ਸੀ ਜਿਸ ਵਿੱਚ ਭਾਰਤ ਸਰਕਾਰ ਦੇ 9 ਮੰਤਰਾਲਿਆਂ ਦੀਆਂ 17 ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨਾ ਸੀ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮੁਹਿੰਮ ਤਹਿਤ ਬਹੁਤ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮਿਸਾਲੀ ਕੰਮ ਕੀਤਾ ਹੈ, ਜਿਸ ਦੀ ਬਦੌਲਤ ਜ਼ਿਲ੍ਹਾ ਗੁਰਦਾਸਪੁਰ ਨੇ 93.10 ਫੀਸਦੀ ਅੰਕ ਹਾਸਲ ਕਰਕੇ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।

ਇਸ ਮਾਣਮੱਤੀ ਪ੍ਰਾਪਤੀ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਜਾਇੰਟ ਸੈਕਟਰੀ ਸ੍ਰੀ ਕਰਮਾ ਜਿੰਪਾ ਭੁਟਿਯਾ ਨੇ ਵਿਸ਼ੇਸ਼ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ 26 ਸਤੰਬਰ 2022 ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਹੋ ਰਹੇ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਸ੍ਰੀਮਤੀ ਪਰਮਜੀਤ ਕੌਰ ਅਤੇ ਏ.ਡੀ.ਸੀ (ਯੂ.ਡੀ) ਸ੍ਰੀਮਤੀ ਅਮਨਦੀਪ ਕੌਰ ਨੂੰ ਭਾਗ ਲੈਣ ਦਾ ਸੱਦਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਜ਼ਿਲ਼੍ਹੇ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਏਸੇ ਤਰਾਂ ਸਾਰੇ ਅਧਿਕਾਰੀ ਤੇ ਕਰਮਚਾਰੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।

Leave a Reply

Your email address will not be published. Required fields are marked *