ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ  ਮੰਗਿਆ

ਗੁਰਦਾਸਪੁਰ

ਅੱਗ ਲੱਗਣ ਦੀ ਸੂਚਨਾ ਦੇਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ

ਜ਼ਿਲ੍ਹੇ ਦੇ 50 ਹਾਟ-ਸਪਾਟ ਪਿੰਡਾਂ ਉੱਤੇ ਰੱਖੀ ਜਾਵੇਗੀ ਖਾਸ ਨਜ਼ਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜਿਹੜੇ ਕਿਸਾਨ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਓਨ੍ਹਾਂ 50 ਹਾਟ-ਸਪਾਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰ ਰਹੇ ਸਨ ਜਿਨ੍ਹਾਂ ਪਿੰਡਾਂ ਵਿੱਚ ਬੀਤੇ ਸੀਜ਼ਨ ਦੌਰਾਨ ਸਭ ਤੋਂ ਵੱਧ  ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਸਨ। ਡਿਪਟੀ ਕਮਿਸ਼ਨਰ ਨੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਪੱਕੇ ਕਰਮਚਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਉਹ ਅੱਗ ਲੱਗਣ ਦੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਦੇ ਨਾਲ ਅੱਗ ਨੂੰ ਤੁਰੰਤ ਬੁਝਾਉਣ ਲਈ ਵੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਬੇਹੱਦ ਘਾਤਕ ਸਾਬਤ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜੋ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾ ਕੰਟਰੋਲ ਰੂਮ ਗੁਰਦਾਸਪੁਰ ਵਿਖੇ ਹੈ ਜਿਸਦਾ ਨੰਬਰ 01874-292740 ਹੈ ਅਤੇ ਇਸ ਕੰਟਰੋਲ ਰੂਮ ਨਾਲ ਗੁਰਦਾਸਪੁਰ, ਕਾਹਨੂੰਵਾਨ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਬਲਾਕਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦੇ ਸਕਦੇ ਹਨ। ਦੂਜਾ ਕੰਟਰੋਲ ਰੂਮ ਬਟਾਲਾ ਵਿਖੇ ਕੰਮ ਕਰ ਰਿਹਾ ਹੈ ਜਿਸਦਾ ਨੰਬਰ 01871-226033 ਹੈ ਅਤੇ ਇਸ ਕੰਟਰੋਲ ਰੂਮ ਨਾਲ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਨਾਲ ਸਬੰਧਤ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ 112 ਨੰਬਰ ’ਤੇ ਵੀ ਸੂਚਿਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਕਿਹਾ ਕਿ ਉਹ 100 ਫੀਸਦੀ ਯਕੀਨੀ ਬਣਾਉਣ ਕਿ ਇਸ ਵਾਰ ਉਨ੍ਹਾਂ ਦੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਜਿਹੜੇ 50 ਹਾਟ-ਸਪਾਟ ਪਿੰਡਾਂ ਵਿੱਚੋਂ ਇਸ ਵਾਰ ਇੱਕ ਵੀ ਅੱਗ ਲੱਗਣ ਦੀ ਘਟਨਾ ਨਹੀਂ ਵਾਪਰੇਗੀ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਅਤੇ ਨਾਲ ਹੀ ਉਸ ਪਿੰਡ ਦੇ ਸਰਪੰਚ ਤੇ ਨੰਬਰਦਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਹਾਜ਼ਰ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਕਰਨਗੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *