ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀ ਵੀ ਪ੍ਰਸ਼ਾਸਨ ਦਾ ਸਹਿਯੋਗ ਦੇਣ
ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਹਰਜਿੰਦਰ ਸਿੰਘ ਬੇਦੀ ਨੇ ਕਾਮਨਾ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਨਵੇਂ ਸਾਲ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੇ ਹੋਏ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ ਤਾਂ ਜੋ ਇਸ ਦਾ ਅਸਰ ਜ਼ਮੀਨੀ ਪੱਧਰ ‘ਤੇ ਦਿਸੇ ਅਤੇ ਖ਼ਾਸ ਕਰਕੇ ਗ਼ਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗ਼ੰਬਰਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚਲੀਆਂ ਯੂਥ ਕਲੱਬਾਂ ਨੂੰ ਖੇਡ ਟੂਰਨਾਮੈਂਟ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਵੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ (ਸਿੰਥੈਟਿਕ ਡੋਰ) ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਉੱਪਰ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ, ਸਟੋਰ ਕਰਦਾ ਜਾਂ ਇਸ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਤੰਗਬਾਜ਼ੀ ਲਈ ਸਿਰਫ਼ ਸਧਾਰਨ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾਵੇ।