26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 17 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਸ ਦੇ ਜਵਾਨਾਂ, ਪੰਜਾਬ ਪੁਲਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 17 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜ ਦਿੱਤੀਆਂ ਜਾਣ, ਇਸ ਤੋਂ ਬਾਅਦ ਆਈਆਂ ਨਾਮਜ਼ਦਗੀਆਂ ਉੱਪਰ ਵਿਚਾਰ ਨਹੀਂ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸ਼ਹਿਰਾਂ ਵਿਚਲੇ ਚੌਂਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਸਜਾਇਆ ਜਾਵੇ ਅਤੇ 25 ਤੇ 26 ਜਨਵਰੀ ਦੀ ਰਾਤ ਨੂੰ ਉਨ੍ਹਾਂ ਦੀ ਲਾਈਟਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ‘ਤੇ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟ ਜਾਣ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 17, 21 ਅਤੇ 23 ਜਨਵਰੀ ਨੂੰ ਹੋਵੇਗੀ, ਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

Leave a Reply

Your email address will not be published. Required fields are marked *