6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ
ਕਲਾਨੌਰ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਤਹਿਸੀਲ ਕੰਪਲੈਕਸ ਕਲਾਨੌਰ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜਾ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਤ ਤੋਂ ਜਲਦ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 6.60 ਕਰੋੜ ਰੁਪਏ ਦੀ ਲਾਗਤ ਨਾਲ ਇਹ ਤਹਿਸੀਲ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ ਜੋ ਜਲਦੀ ਹੀ ਬਣ ਕੇ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਮੁਕੰਮਲ ਹੋਣ ਨਾਲ ਐੱਸ.ਡੀ.ਐੱਮ. ਦਫ਼ਤਰ, ਤਹਿਸੀਲਦਾਰ ਦਫ਼ਤਰ ਅਤੇ ਹੋਰ ਤਹਿਸੀਲ ਪੱਧਰੀ ਦਫ਼ਤਰ ਇੱਕ ਹੀ ਛੱਤ ਥੱਲੇ ਲੋਕਾਂ ਨੂੰ ਸੇਵਾਵਾਂ ਦੇਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਨੇ ਗਊਸ਼ਾਲਾ ਵਿੱਚ ਗਊ ਧੰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਠੰਡ ਦੌਰਾਨ ਗਊ ਧੰਨ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਗਊਸ਼ਾਲਾ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਗਊਸ਼ਾਲਾ ਦੀ ਬੇਹਤਰੀ ਲਈ ਜੋ ਵੀ ਸਾਧਨ ਲੋੜੀਂਦੇ ਹਨ ਉਹ ਪੂਰੇ ਕੀਤੇ ਜਾਣਗੇ।


