ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪੁਰਾਣਾ ਸ਼ਾਲਾ ਅਤੇ ਜਾਗੋਵਾਲ ਬੇਟ ਵਿਖੇ ਬਣੀਆਂ 2 ਅਣ-ਅਧਿਕਾਰਤ ਕਲੋਨੀਆਂ ਉੱਪਰ ਕਾਰਵਾਈ

ਪੰਜਾਬ

ਜੇ.ਸੀ.ਬੀ. ਮਸ਼ੀਨ ਨਾਲ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾਂ ਕਰਨ ਵਾਲੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਜਿਹੜੇ ਕਲੋਨਾਈਜ਼ਰ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਕਲੋਨੀਆਂ ਨੂੰ ਢਾਹਿਆ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਗੁਰਵਿੰਦਰ ਸਿੰਘ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ, ਦਵਿੰਦਰਪਾਲ ਸਿੰਘ ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਿੰਡ ਪੁਰਾਣਾਂ ਸ਼ਾਲਾ ਅਤੇ ਪਿੰਡ ਜਾਗੋਵਾਲ ਬੇਟ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੁਰਾਣਾ ਸ਼ਾਲਾ ਅਤੇ ਪਿੰਡ ਜਾਗੋਵਾਲ ਬੇਟ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

Leave a Reply

Your email address will not be published. Required fields are marked *