ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ – ਏ.ਡੀ.ਸੀ.
ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਦਯੋਗਾਂ ਵੱਲੋਂ ਅਪਲਾਈ ਕੀਤੀਆਂ ਰੈਗੂਲੇਟਰੀ ਕਲੀਅਰੈਂਸ ਨੂੰ ਬਿਨਾਂ ਕਿਸੇ ਦੇਰੀ ਪਾਸ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਨਵੇਂ ਉਦਯੋਗ ਲੱਗਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ ਕਰ ਰਹੇ ਸਨ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ਿਲ੍ਹੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਭਾਗ ਕੋਲ ਕਿਸੇ ਉਦਯੋਗ ਸਬੰਧੀ ਕੋਈ ਰੈਗੂਲੇਟਰੀ ਕਲੀਅਰੈਂਸ ਪੈਂਡਿੰਗ ਹੈ ਤਾਂ ਉਸ ਨੂੰ ਤੁਰੰਤ ਕਲੀਅਰ ਕੀਤਾ ਜਾਵੇ ਤਾਂ ਜੋ ਉਦਯੋਗਪਤੀਆਂ ਨੂੰ ਆਪਣੇ ਨਵੇਂ ਉਦਯੋਗ ਲਗਾਉਣ ਜਾਂ ਪੁਰਾਣੇ ਉਦਯੋਗਾਂ ਦਾ ਵਿਸਥਾਰ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਤੇ ਦੇਸ਼ ਦੀ ਆਰਥਿਕਤਾ ਦੀ ਰੀਡ ਦੀ ਹੱਡੀ ਹੁੰਦੇ ਹਨ ਅਤੇ ਉਦਯੋਗ ਪੱਖੀ ਮਾਹੌਲ ਸਿਰਜਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਉਦਯੋਗ ਪੱਖੀ ਮਾਹੌਲ ਦੇਣ ਲਈ ਪਹਿਲਾ ਦਰਜਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵਧੀਆ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਨੂੰ ਹੋਰ ਵੀ ਵਧੀਆ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਪਣੇ ਨਵੇਂ ਉਦਯੋਗਿਕ ਯੂਨਿਟ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਪਤੀਆਂ ਨੂੰ ਨਵੇਂ ਉਦਯੋਗਾਂ ਦੀ ਸਥਾਪਨਾ ਵਿੱਚ ਪੂਰਾ ਸਹਿਯੋਗ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਸੁਖਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।