ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਦੂਸਰੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਕੀਤਾ ਗਿਆ। ਰਿਹਰਸਲ ਦੌਰਾਨ ਪੰਜਾਬ ਪੁਲਸ ਦੇ ਜਵਾਨਾਂ, ਪੰਜਾਬ ਪੁਲਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।
ਗਣਤੰਤਰ ਦਿਵਸ ਦੀ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਨੇ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਵਿਭਾਗ ਆਪਣੇ ਜ਼ਿੰਮੇ ਆਈ ਡਿਊਟੀ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇ ਅਤੇ ਇਸ ਸਬੰਧੀ ਤਿਆਰੀ ਵੀ ਸਮਾਂ ਰਹਿੰਦੇ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।