ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੋਲਟਰੀ ਫਾਰਮ ਐਸੋਸੀਏਸ਼ਨ ਦੇ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਦਿਲਬਾਗ ਸਿੰਘ ਰੱਤੋਵਾਲ ਅਤੇ ਜਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਸ਼ਾਹ ਬਖਤਪੁਰ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਉਹਨਾਂ ਦੇ ਗ੍ਰਹਿ ਪਿੰਡ ਭੋਜਰਾਜ ਵਿਖੇ ਮਿਲ ਕੇ ਪੋਲਟਰੀ ਫਾਰਮਿੰਗ ਦੇ ਕਿੱਤੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਅਤੇ ਪੋਲਟਰੀ ਫਾਰਮ ਦੇ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਆਪਸੀ ਤਾਲਮੇਲ ਨਾਲ ਸੰਘਰਸ਼ ਕਰਨ ਦੀ ਬੇਨਤੀ ਕੀਤੀ।
ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਖੇਤੀ ਅਤੇ ਖੇਤੀ ਨਾਲ ਸਬੰਧਤ ਸਹਾਇਕ ਧੰਦਿਆ ਨੂੰ ਘਾਟੇ ਵਾਲਾ ਧੰਦਾ ਬਣਾ ਕੇ ਇਹਨਾਂ ਸਹਾਇਕ ਧੰਦਿਆਂ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ। ਭੋਜਰਾਜ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲੋਕ ਵਿਰੋਧੀ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਪੋਲਟਰੀ ਫਾਰਮ ਐਸੋਸੀਏਸ਼ਨ ਦੇ ਸੰਘਰਸ਼ ਦਾ ਡੱਟ ਕੇ ਸਾਥ ਦੇਵੇਗੀ।